Punjab

ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿਲ 2023 ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਰੱਦ

  • Punjabi Bulletin
  • Jun 26, 2023
ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿਲ 2023 ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਰੱਦ
  • 111 views

ਅੰਮ੍ਰਿਤਸਰ-ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸੱਦੇ ਗਏ ਹੰਗਾਮੀ ਜਨਰਲ ਇਜਲਾਸ ਵਿਚ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿਲ 2023 ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਰੱਦ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਪ੍ਰਸਾਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਹ ਬਿੱਲ ਪਾਸ ਕੀਤਾ ਗਿਆ ਸੀ ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ। ਜ਼ਿਕਰਯੋਗ ਹੈ ਕਿ ਮੀਟਿੰਗ ਵਿਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਮਤਾ ਪੜਿ੍ਹਆ, ਜਿਸ ਨੂੰ ਉਥੇ ਮੌਜੂਦ ਸਮੂਹ ਮੈਂਬਰਾਂ ਨੇ ਇਕਸੁਰ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਨਾਲ ਸਿੰਘ ਸ਼ਬਦ ਲਾਉਣ ’ਤੇ ਵੀ ਇਤਰਾਜ਼ ਕੀਤਾ ਗਿਆ। ਇਜਲਾਸ ਵਿੱਚ ਪੇਸ਼ ਮਤੇ ਰਾਹੀਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਾਰ ਦਿੰਦਿਆਂ ਇਸ ਦਾ ਸਖਤ ਵਿਰੋਧ ਕੀਤਾ ਗਿਆ। ਬਿਲ ਰੱਦ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਪਾਸ ਕੀਤੇ ਬਿਲ ਨੂੰ ਤੁਰੰਤ ਵਾਪਸ ਲਵੇ ਨਹੀਂ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਦੀ ਅਗਵਾਈ ਹੇਠ ਮੋਰਚਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਇਸ ਮਾਮਲੇ ਵਿਚ ਮਾਸਟਰ ਤਾਰਾ ਸਿੰਘ ਅਤੇ ਜਵਾਹਰਲਾਲ ਨਹਿਰੂ ਵਿਚਾਲੇ 1959 ਵਿੱਚ ਹੋਏ ਸਮਝੌਤੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਵਿਚ ਪ੍ਰਵਾਨ ਕੀਤਾ ਗਿਆ ਸੀ ਕਿ ਸਿੱਖ ਗੁਰਦੁਆਰਾ ਐਕਟ ਵਿਚ ਕੋਈ ਵੀ ਸੋਧ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦੋ ਤਿਹਾਈ ਮੈਂਬਰਾਂ ਦੀ ਸਹਿਮਤੀ ਜ਼ਰੂਰੀ ਹੋਵੇਗੀ। ਧਾਮੀ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਆਕਾ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਨੂੰ ਲਾਗੂ ਕਰਨ ਅਤੇ ਸ਼੍ਰੋਮਣੀ ਕਮੇਟੀ ਨੂੰ ਹਥਿਆਉਣ ਦੇ ਮੰਤਵ ਨਾਲ ਇਹ ਕਾਰਵਾਈ ਕੀਤੀ ਹੈ। ਉਨ੍ਹਾਂ ਮਤੇ ਵਿਚ ਕਿਹਾ ਕਿ ਕਿਸੇ ਵੀ ਕੀਮਤ ’ਤੇ ਪੰਜਾਬ ਸਰਕਾਰ ਦੀ ਸਿੱਖ ਵਿਰੋਧੀ ਮਨਸ਼ਾ ਪੂਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਇਸ ਵਿਰੁੱਧ ਸੰਘਰਸ਼ ਲੜਿਆ ਜਾਵੇਗਾ।


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024