ਅੰਮ੍ਰਿਤਸਰ-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੰਮ੍ਰਿਤਸਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਸੰਗਤ ਅੰਮ੍ਰਿਤ ਵੇਲੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਪੁੱਜਣੀ ਸ਼ੁਰੂ ਹੋ ਗਈ ਸੀ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ| ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਵਿਖੇ ਅਲੌਕਿਕ ਜਲੌਅ ਸਜਾਏ ਗਏ ਤੇ ਰਾਤ ਵੇਲੇ ਆਤਿਸ਼ਬਾਜ਼ੀ ਵੀ ਕੀਤੀ ਗਈ| ਇਸੇ ਦੌਰਾਨ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ| ਇਸ ਮੌਕੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ| ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ|