ਚੰਡੀਗੜ੍ਹ-ਪੰਜਾਬ ਸਰਕਾਰ ਨੇ ਪਰਲਜ਼ ਗਰੁੱਪ ਦੀ ਮਾਲਕੀ ਵਾਲੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਜੋ ਇਨ੍ਹਾਂ ਜਾਇਦਾਦਾਂ ਨੂੰ ਵੇਚ ਕੇ ਨਿਵੇਸ਼ਕਾਂ ਨੂੰ ਵਾਪਸ ਪੈਸਾ ਕੀਤਾ ਜਾ ਸਕੇ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਇਸ ਕੰਮ ਨੂੰ ਨਿਰਵਿਘਨ ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੀ ਪ੍ਰਕਿਰਿਆ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਕਰੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਜਾਇਦਾਦਾਂ ਨੂੰ ਹਾਸਲ ਕਰਨ ਲਈ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚ ਜਾਂ ਖ਼ਰੀਦ ਨਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਜਿਸ ਕਰਕੇ ਇਸ ਨੂੰ ਹਰ ਹਾਲ ਵਿੱਚ ਜਵਾਬਦੇਹ ਬਣਾਇਆ ਜਾਵੇਗਾ।