ਚੰਡੀਗੜ੍ਹ-34 ਸਾਲ ਸੂਬੇ ਦੀ ਸੇਵਾ ਕਰਨ ਪਿੱਛੋਂ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਸੇਵਾਮੁਕਤ ਹੋ ਗਏ ਹਨ ਅਤੇ ਹੁਣ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨਿਯੁਕਤ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਸੇਵਾਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਜੰਜੂਆ ਨੇ ਆਈਏਐਸ ਵਜੋਂ ਵੱਖ-ਵੱਖ ਅਹੁਦਿਆਂ ਉਤੇ ਰਹਿੰਦੇ ਹੋਏ 34 ਸਾਲ ਸੂਬੇ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਇਕ ਸਾਲ ਵਿਚ ਵੱਡੇ ਲੋਕ ਪੱਖੀ ਫੈਸਲੇ ਲਏ ਹਨ ਜਿਨ੍ਹਾਂ ਨੂੰ ਜੰਜੂਆ ਨੇ ਬਿਹਤਰ ਢੰਗ ਨਾਲ ਮੁਕੰਮਲ ਕਰਵਾਇਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਠੇਕੇ ’ਤੇ ਕੰਮ ਕਰ ਰਹੇ ਅਧਿਆਪਕਾਂ ਦੀਆਂ ਸੇਵਾਵਾਂ ਨਿਯਮਤ ਕਰਨਾ ਚੁਣੌਤੀਪੂਰਨ ਕਾਰਜ ਸੀ ਪਰ ਜੰਜੂਆ ਨੇ ਪੰਜਾਬ ਸਰਕਾਰ ਦੇ ਇਸ ਕਾਰਜ ਨੂੰ ਬਾਖੂਬੀ ਸਿਰੇ ਚੜ੍ਹਾਇਆ। ਉਨ੍ਹਾਂ ਕਿਹਾ ਕਿ ਆਈਏਐੱਸ ਅਧਿਕਾਰੀ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਜੋ ਸੂਬੇ ਦੇ ਹਿੱਤ ਲਈ ਦਿਨ ਰਾਤ ਮਿਹਨਤ ਕਰਦੇ ਹਨ। ਉਨ੍ਹਾਂ ਆਈਏਐੱਸ ਅਧਿਕਾਰੀਆਂ ਨੂੰ ਆਪਣਾ ਪਰਿਵਾਰ ਦੱਸਦਿਆਂ ਕਿਹਾ ਕਿ ਉਹ ਸਾਰੇ ਪੰਜਾਬ ਦੀ ਤਰੱਕੀ ਲਈ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਜੀ ਆਇਆਂ ਆਖਿਆ।