ਚੰਡੀਗੜ੍ਹ-ਪੰਜਾਬ ਵਿਚ ਆਏ ਹੜ੍ਹਾਂ ਕਾਰਨ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਗੱਲਬਾਤ ਕੀਤੀ ਅਤੇ ਗੱਲਬਾਤ ਦੌਰਾਨ ਮੀਂਹ ਕਾਰਨ ਪੈਦਾ ਹੋਏ ਹਾਲਾਤ ਅਤੇ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸੂਬੇ ਦੇ ਆਫ਼ਤ ਰਾਹਤ ਫ਼ੰਡ ਵਿੱਚੋਂ 33.50 ਕਰੋੜ ਰੁਪਏ ਤੁਰੰਤ ਜਾਰੀ ਕਰਦਿਆਂ ਕਿਹਾ ਕਿ ਰਾਹਤ ਤੇ ਬਚਾਅ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਵਿਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਡੀਜੀਪੀ ਗੌਰਵ ਯਾਦਵ ਅਤੇ ਫ਼ੌਜ ਤੇ ਐੱਨਡੀਆਰਐੱਫ ਦੇ ਨੁਮਾਇੰਦੇ ਵੀ ਹਾਜ਼ਰ ਸਨ। ਮੁੱਖ ਸਕੱਤਰ ਨੇ ਕਿਹਾ ਕਿ ਫ਼ੀਲਡ ਅਧਿਕਾਰੀ, ਲੋਕ ਨੁਮਾਇੰਦਿਆਂ ਨਾਲ ਤਾਲਮੇਲ ਬਿਠਾ ਕੇ ਲੋਕਾਂ ਨਾਲ ਨਿਰੰਤਰ ਰਾਬਤਾ ਬਣਾ ਕੇ ਰੱਖਣ। ਜਲ ਸਰੋਤ ਵਿਭਾਗ ਵੱਲੋਂ ਸੂਬੇ ਵਿੱਚ ਜਲ ਭੰਡਾਰਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਵਰਮਾ ਨੇ ਕਿਹਾ ਕਿ ਨੀਵੇਂ ਪਾਣੀ ਵਾਲੇ ਖੇਤਰਾਂ ਅਤੇ ਹੜ੍ਹਾਂ ਦੇ ਸੰਭਾਵੀ ਖ਼ਤਰੇ ਵਾਲੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਨੂੰ ਪਹਿਲ ਦਿੱਤੀ ਜਾਵੇ।