Punjab

ਹੜ੍ਹਾਂ ਦੀ ਮਾਰ ਹੁਣ ਤੱਕ ਝੱਲ ਰਹੇ ਨੇ ਪੰਜਾਬ ਵਾਸੀ

  • Punjabi Bulletin
  • Jul 27, 2023
ਹੜ੍ਹਾਂ ਦੀ ਮਾਰ ਹੁਣ ਤੱਕ ਝੱਲ ਰਹੇ ਨੇ ਪੰਜਾਬ ਵਾਸੀ
  • 75 views

ਚੰਡੀਗੜ੍ਹ-ਹਿਮਾਚਲ ਪ੍ਰਦੇਸ਼ ਵਿੱਚ ਪਈ ਭਾਰੀ ਬਾਰਿਸ਼ ਤੋਂ ਬਾਅਦ ਪੰਜਾਬ ਵਿੱਚ ਆਏ ਹੜ੍ਹਾਂ ਨੇ ਲੋਕਾਂ ਨੂੰ ਘਰਾਂ ਤੋਂ ਬੇਘਰ ਕਰ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ। ਜਾਣਕਾਰੀ ਮੁਤਾਬਕ ਮੌਜੂਦਾ ਸਮੇਂ ਬਹੁਤੇ ਇਲਾਕਿਆਂ ਵਿਚ ਸਥਿਤੀ ’ਚ ਸੁਧਾਰ ਹੈ ਪਰ ਹਾਲੇ ਵੀ ਕੁਝ ਇਲਾਕੇ ਹੜ੍ਹ ਦੀ ਮਾਰ ਹੇਠ ਹਨ। ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1473 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਅੱਜ ਸਵੇਰੇ 8 ਵਜੇ ਤੱਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1319 ਲੋਕ ਰਹਿ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਰਾਹਤ ਕੈਂਪਾਂ ਵਿਚ ਸਭ ਤੋਂ ਵੱਧ 484 ਲੋਕ ਠਹਿਰੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। ਜਿਹੜੇ 19 ਜ਼ਿਲ੍ਹਿਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਜਾਂ ਝੱਲ ਰਹੇ ਹਨ ਉਨ੍ਹਾਂ ਵਿਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸ਼ਾਮਲ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿਚ ਹੜ੍ਹਾਂ ਕਾਰਨ ਕੁੱਲ 43 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖ਼ਮੀ ਹੋਏ ਹਨ। ਪਸ਼ੂ ਪਾਲਣ ਵਿਭਾਗ ਵੱਲੋਂ 26 ਜੁਲਾਈ ਨੂੰ ਸੂਬੇ ਵਿੱਚ ਕੁੱਲ 1517 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਜਦਕਿ 682 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। 

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024