ਐੱਸਏਐੱਸ ਨਗਰ-ਮੁੱਖ ਮੰਤਰੀ ਭਗਵੰਤ ਮਾਨ ਨੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਸਕੂਲ ਮੁਖੀਆਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜਾਣਕਾਰੀ ਮੁਤਾਬਕ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਕਰਾਰ ਦਿੰਦਿਆਂ ਕਿਹਾ ਕਿ ਜਿੱਥੇ ਪ੍ਰਿੰਸੀਪਲਾਂ ਦਾ ਵਫ਼ਦ ਸਿੰਗਾਪੁਰ ਤੋਂ ਸਿਖਲਾਈ ਲੈ ਕੇ ਵਾਪਸ ਆ ਰਿਹਾ ਹੈ, ਉੱਥੇ ਇਕ ਹੋਰ ਬੈਚ ਆਪਣੀ ਮੁਹਾਰਤ ਨਿਖਾਰਨ ਲਈ ਅਹਿਮਦਾਬਾਦ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪਹਿਲੀ ਤਰਜੀਹ ਹੈ ਤਾਂ ਜੋ ਉਹ ਵਿਸ਼ਵ ਭਰ ਵਿੱਚ ਕਾਨਵੈਂਟ ਸਕੂਲਾਂ ’ਚ ਪੜ੍ਹੇ-ਲਿਖੇ ਵਿਦਿਆਰਥੀਆਂ ਦਾ ਮੁਕਾਬਲਾ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਵੇਂ ਇੱਕ ਤਜਰਬੇਕਾਰ ਅਧਿਆਪਕ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਤਿਆਰ ਕਰਨ ਵਿੱਚ ਸਹਾਈ ਹੋਵੇਗਾ। ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨੇ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੁਰਾਣੇ ਆਗੂ ਸੱਤਾ ਹਥਿਆਉਣ ਤੋਂ ਬਾਅਦ ਲੋਕਾਂ ਵਿੱਚ ਜਾਣਾ ਪਸੰਦ ਨਹੀਂ ਕਰਦੇ ਸਨ। ਇਸ ਦੇ ਉਲਟ ਉਹ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਕਿਸੇ ਨਾ ਕਿਸੇ ਸਮਾਗਮ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ, ਵਿਧਾਇਕ ਕੁਲਵੰਤ ਸਿੰਘ ਤੇ ਕੁਲਜੀਤ ਸਿੰਘ ਰੰਧਾਵਾ, ਚੇਅਰਪਰਸਨ ਪ੍ਰਭਜੋਤ ਕੌਰ, ਡੀਸੀ ਆਸ਼ਿਕਾ ਜੈਨ ਅਤੇ ਹੋਰ ਹਾਜ਼ਰ ਸਨ। ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਮੁੱਦੇ ’ਤੇ ਵਿਰੋਧੀ ਲੋਕਾਂ ਨੂੰ ਕਰ ਰਹੇ ਨੇ ਗੰੁਮਰਾਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਨਾਂ ਨੂੰ ਦੂਰ ਕਰਦਿਆਂ 12710 ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਹਮੇਸ਼ਾ ਏਜੰਡੇ ’ਤੇ ਰੱਖਿਆ ਅਤੇ ਇਸ ਦਾ ਮਨੋਰਥ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਜੇਕਰ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਇਸ ਮੁੱਦੇ ’ਤੇ ਵੀ ਤਰਕਹੀਣ ਅਤੇ ਬੇਬੁਨਿਆਦ ਟਿੱਪਣੀਆਂ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਜਦੋਂਕਿ ਸੱਚਾਈ ਇਹ ਹੈ ਕਿ ਪਿਛਲੀ ਸਰਕਾਰਾਂ ਨੇ ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਕੋਈ ਠੋਸ ਨੀਤੀ ਹੀ ਨਹੀਂ ਘੜੀ ਸੀ।