ਚੰਡੀਗੜ੍ਹ-ਬੀਤੇ ਦਿਨੀਂ ਤਖਤ ਸ੍ਰੀ ਹਜ਼ੂਰ ਸਾਹਿਬ ਵਿੱਚ ਇਕ ਗੈਰ ਸਿੱਖ ਵਿਅਕਤੀ ਨੂੰ ਪ੍ਰਬੰਧਕ ਵਜੋਂ ਨਿਯੁਕਤ ਕੀਤਾ ਗਿਆ ਸੀ ਜਿਸ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਮਹਾਰਾਸ਼ਟਰ ਸਰਕਾਰ ਨੂੰ ਫੈਸਲਾ ਵਾਪਸ ਲੈਣ ਲਈ ਕਿਹਾ ਗਿਆ ਸੀ। ਜਾਣਕਾਰੀ ਮੁਤਾਬਕ ਮਹਾਰਾਸ਼ਟਰ ਸਰਕਾਰ ਆਖਰਕਾਰ ਸਿੱਖਾਂ ਅੱਗੇ ਝੁਕ ਗਈ ਤੇ ਸਰਕਾਰ ਨੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਵਜੋਂ ਇੱਕ ਗੈਰ-ਸਿੱਖ ਵਿਅਕਤੀ ਦੀ ਨਿਯੁਕਤੀ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਸਿੱਖ ਜਥੇਬੰਦੀਆਂ ਦੇ ਦਬਾਅ ਹੇਠ ਮਹਾਰਾਸ਼ਟਰ ਸਰਕਾਰ ਨੇ ਸੇਵਾਮੁਕਤ ਸਿੱਖ ਆਈਏਐਸ ਅਧਿਕਾਰੀ ਡਾ: ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਨਵਾਂ ਪ੍ਰਸ਼ਾਸ਼ਕ ਨਿਯੁਕਤ ਕੀਤਾ ਹੈ। ਇਸ ਸਬੰਧੀ ਭਾਜਪਾ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਤਬੀਰ ਸਿੰਘ ਦੀ ਨਿਯੁਕਤੀ ਦਾ ਐਲਾਨ ਕੀਤਾ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦਾ ਵੀ ਦਖਲ ਦੇਣ ਅਤੇ ਇਸ ਮੁੱਦੇ ਨੂੰ ਸੁਲਝਾਉਣ ਲਈ ਧੰਨਵਾਦ ਕੀਤਾ।