ਹੁਸ਼ਿਆਰਪੁਰ-ਪੰਜਾਬ ਵਿੱਚ ਬੀਬੀਐਮਬੀ ਵੱਲੋਂ 4 ਦਿਨਾਂ ਲਈ ਫਲੱਡ ਗੇਟ ਖੋਲ੍ਹਣ ਦੇ ਐਲਾਨ ਤਹਿਤ ਪੰਜਾਬ ਦੇ ਕਈ Çਜ਼ਿਲ੍ਹੇ ਪਾਣੀ ਦੀ ਮਾਰ ਹੇਠ ਹਨ। ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਐਨ.ਡੀ.ਆਰ.ਐਫ. ਦੇ ਜਵਾਨਾਂ ਨਾਲ ਕਿਸ਼ਤੀ ਵਿਚ ਸਵਾਰ ਹੋ ਕੇ ਮੁੱਖ ਮੰਤਰੀ ਪਿੰਡ ਰਾੜਾ ਅਤੇ ਫਤਿਹ ਕੁੱਲਾ ਗਏ ਅਤੇ ਉਸ ਤੋਂ ਬਾਅਦ ਪਿੰਡ ਹਲੇਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਥਾਵਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਜਾਏ ਜਾਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿਚ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿਚ ਮੀਂਹ ਨਹੀਂ ਪਿਆ ਪਰ ਪਹਾੜੀ ਸੂਬਿਆਂ ਵਿਚ ਭਾਰੀ ਮੀਂਹ ਪੈਣ ਕਾਰਨ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਹੜ੍ਹ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਜ਼ਾ ਸਥਿਤੀ ਦਾ ਪਤਾ ਲਾਉਣ ਲਈ ਉਹ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਮੁਸ਼ਕਲ ਘੜੀ ਵਿੱਚ ਇੱਕ ਦੂਜੇ ਨਾਲ ਪਿਆਰ ਅਤੇ ਮੇਲ-ਮਿਲਾਪ ਦੀ ਵਿਲੱਖਣ ਭਾਵਨਾ ਦਾ ਪ੍ਰਗਟਾਵਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਹਰ ਪਾਸਿਓਂ ਮਦਦ ਮਿਲ ਰਹੀ ਹੈ, ਉੱਥੇ ਹੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਇਨ੍ਹਾਂ ਫੰਡਾਂ ਦੀ ਸੁਚੱਜੀ ਵਰਤੋਂ ਕਰਨ ਲਈ ਵਚਨਬੱਧ ਹੈ।