Punjab

ਗੰਨੇ ਦਾ ਬਕਾਇਆ ਨਾ ਮਿਲਣ ਦੇ ਰੋਸ ਵਜੋਂ ਸੈਂਕੜੇ ਕਿਸਾਨ ਉਤਰੇ ਸੜਕਾਂ ’ਤੇ

  • Punjabi Bulletin
  • Aug 21, 2023
ਗੰਨੇ ਦਾ ਬਕਾਇਆ ਨਾ ਮਿਲਣ ਦੇ ਰੋਸ ਵਜੋਂ ਸੈਂਕੜੇ ਕਿਸਾਨ ਉਤਰੇ ਸੜਕਾਂ ’ਤੇ
  • 61 views

ਸੰਗਰੂਰ-ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਗੰਨੇ ਦੀ ਬਕਾਇਆ ਕਰੋੜਾਂ ਰੁਪਏ ਦੀ ਰਾਸ਼ੀ ਨਾ ਮਿਲਣ ਦੇ ਰੋਸ ਵਜੋਂ ਸੈਂਕੜੇ ਕਿਸਾਨਾਂ ਨੇ ਟਰੈਕਟਰ ਮਾਰਚ ਕੀਤਾ। ਜਾਣਕਾਰੀ ਮੁਤਾਬਕ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁੱਖ ਸੜਕ ਜਾਮ ਕਰ ਦਿੱਤੀ ਅਤੇ ਧਰਨਾ ਦਿੰਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੇ ਕਨਵੀਨਰ ਹਰਜੀਤ ਸਿੰਘ ਬੁੱਗਰਾਂ ਨੇ ਕਿਹਾ ਕਿ ਕਿਸਾਨਾਂ ਦਾ ਖੰਡ ਮਿੱਲ ਧੂਰੀ ਵੱਲ ਕਰੀਬ 17 ਕਰੋੜ ਰੁਪਏ ਅਤੇ ਪੰਜਾਬ ਸਰਕਾਰ ਵੱਲ ਕਰੀਬ 3 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ। ਪਿਛਲੇ ਸਾਲ ਦੀ ਕਰੀਬ 20 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਲੈਣ ਲਈ ਕਿਸਾਨ 14 ਅਗਸਤ ਤੋਂ ਧੂਰੀ ਦੇ ਐੱਸਡੀਐੱਮ ਦਫ਼ਤਰ ਅੱਗੇ ਧਰਨੇ ’ਤੇ ਬੈਠੇ ਹਨ ਪਰ ਕਿਸੇ ਵੀ ਅਧਿਕਾਰੀ ਨੇ ਕਿਸਾਨਾਂ ਦੀ ਸਾਰ ਨਹੀਂ ਲਈ। ਇਸ ਤੋਂ ਖਫ਼ਾ ਹੋ ਕੇ ਉਹ ਅੱਜ ਵੱਖ-ਵੱਖ ਪਿੰਡਾਂ ’ਚੋ ਟਰੈਕਟਰ ਮਾਰਚ ਕੱਢਦਿਆਂ ਡਿਪਟੀ ਕਮਿਸ਼ਨਰ ਨੂੰ ਮੰਗਾਂ ਯਾਦ ਕਰਾਉਣ ਪੁੱਜੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਆਖਦੇ ਸਨ ਕਿ ਉਹ ਕਿਸਾਨਾਂ ਦੀਆਂ ਅੱਖਾਂ ਵਿਚ ਅੱਥੂਰ ਨਹੀਂ ਵੇਖ ਸਕਦੇ ਪਰ ਅੱਜ ਉਹ ਕਿਸਾਨਾਂ ਦੀ ਗੱਲ ਸੁਣਨ ਲਈ ਵੀ ਤਿਆਰ ਨਹੀਂ ਹਨ। ਪਿਛਲੇ ਦਿਨੀਂ ਰਣੀਕੇ ’ਚ ਪੁੱਜੇ ਮੁੱਖ ਮੰਤਰੀ ਨੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਮਿਲਣਾ ਵੀ ਜ਼ਰੂਰੀ ਨਹੀਂ ਸਮਝਿਆ।  ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਖੰਡ ਮਿਲ ਬੰਦ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ, ਜਿਸ ਨੂੰ ਕਿਸਾਨ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਜਾਂ ਪ੍ਰਸ਼ਾਸਨ ਨੇ ਦੋ ਦਿਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਨਾ ਕੀਤੀ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। 

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024