ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਬਜਾਏ ਮੌਜੂਦਾ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਪੂਰਾ ਧਿਆਨ ਦੇਣਾ ਚਾਹੀਦਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਕਿਹਾ ਕਿ ਹਾਲ ਹੀ ’ਚ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ’ਚ ਡਾਕਟਰਾਂ ਜਾਂ ਹੋਰ ਮੈਡੀਕਲ ਸਟਾਫ਼ ਦੀ ਮਦਦ ਤੋਂ ਬਿਨਾਂ ਆਮ ਆਦਮੀ ਕਲੀਨਿਕ ’ਚ ਇਕ ਔਰਤ ਦਾ ਜਣੇਪਾ ਦਿਖਾਇਆ ਗਿਆ ਸੀ। ਇਸੇ ਤਰ੍ਹਾਂ ਦੀ ਇੱਕ ਹੋਰ ਘਟਨਾ ਵਿਚ ਮੋਰਿੰਡਾ ਹਸਪਤਾਲ ’ਚ ਬਿਜਲੀ ਨਾ ਹੋਣ ਕਾਰਨ ਮੋਮਬੱਤੀ ਦੀ ਰੌਸ਼ਨੀ ਦੀ ਮਦਦ ਨਾਲ ਇੱਕ ਬੱਚੇ ਨੂੰ ਜਨਮ ਦਿੱਤਾ ਗਿਆ। ਸ੍ਰੀ ਬਾਜਵਾ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਪੀੜਤ ਪਰਿਵਾਰ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸਬੰਧਤ ਹਨ। ਅਜਿਹੀਆਂ ਭਿਆਨਕ ਘਟਨਾਵਾਂ ਸਾਬਤ ਕਰਦੀਆਂ ਹਨ ਕਿ ‘ਆਪ’ ਸਰਕਾਰ ਗ਼ਰੀਬ ਲੋਕਾਂ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਪ੍ਰਤੀ ਗ਼ੈਰ-ਸੰਵੇਦਨਸ਼ੀਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਹਾਲ ਹੀ ’ਚ ਆਏ ਹੜ੍ਹਾਂ ਤੋਂ ਬਾਅਦ ਹੜ੍ਹ ਪੀੜਤ ‘ਆਪ’ ਸਰਕਾਰ ਦੇ ਬਹੁਚਰਚਿਤ ਮੁਹੱਲਾ ਕਲੀਨਿਕ ਅਤੇ ਆਮ ਆਦਮੀ ਕਲੀਨਿਕ ਪ੍ਰੋਗਰਾਮਾਂ ਤਹਿਤ ਮੈਡੀਕਲ ਸਹੂਲਤਾਂ ਤੋਂ ਵਾਂਝੇ ਰਹਿ ਗਏ ਹਨ। ਬਾਜਵਾ ਨੇ ਕਿਹਾ ਕਿ ਸਰਕਾਰ ਇਸ ਬਾਰੇ ਪੰਜਾਬ ਦੇ ਲੋਕਾਂ ਪ੍ਰਤੀ ਜਵਾਬਦੇਹ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਮਾਹਿਰ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕਰਨ ਦੀ ਬਜਾਏ ‘ਆਪ’ ਸਰਕਾਰ ਸੂਬੇ ਵਿੱਚ ਦਿੱਲੀ ਦੇ ਖ਼ਰਾਬ ਸਿਹਤ ਮਾਡਲ ਨੂੰ ਦੁਹਰਾਉਣ ’ਤੇ ਤੁਲੀ ਹੋਈ ਹੈ।