ਗੁਰਦਾਸਪੁਰ-ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਫ਼ੈਸਲੇ ਨੂੰ ਵਾਪਸ ਲੈਣਾ ਇੱਕ ਤਰ੍ਹਾਂ ਨਾਲ ਮਾਨਯੋਗ ਹਾਈਕੋਰਟ ਵੱਲੋਂ ਇਸ ਸਰਕਾਰ ਦੇ ਮੂੰਹ ’ਤੇ ਥੱਪੜ ਹੈ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੇ। ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ। ਧੱਕੇ ਨਾਲ ਫ਼ੈਸਲੇ ਕੀਤੇ ਜਾ ਰਹੇ ਹਨ। ਸੂਬੇ ਦੀਆਂ 13 ਹਜ਼ਾਰ ਪੰਚਾਇਤਾਂ ਨੂੰ ਭੰਗ ਕਰਨ ਦੀ ਗੱਲ ਕਹਿ ਕੇ ਚੁਣੇ ਨੁਮਾਇੰਦਿਆਂ ਨੂੰ ਭ੍ਰਿਸ਼ਟ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਦ ਕਿ ਸਭ ਤੋਂ ਵੱਧ ਭ੍ਰਿਸ਼ਟਾਚਾਰ ਤਾਂ ਇਸ ਸਰਕਾਰ ਦੇ ਵਿਧਾਇਕ ਹਨ। ਉਨ੍ਹਾਂ ਕਿਹਾ ਕਿ ਐਸਮਾ ਤਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਲੱਗਣਾ ਚਾਹੀਦਾ ਹੈ। ਸੂਬੇ ਵਿੱਚ ਆਪਣੀ ਡਿਊਟੀ ਛੱਡ ਕੇ ਉਹ ਛੱਤੀਸਗੜ੍ਹ ਅਤੇ ਮੁੰਬਈ ਘੁੰਮ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਹੜ੍ਹਾਂ ਦੇ ਦਿਨਾਂ ਵਿੱਚ ਵੀ ਭਗਵੰਤ ਮਾਨ ਸੂਬੇ ਵਿੱਚ ਗੈਰ ਹਾਜ਼ਰ ਰਹੇ ਅਤੇ ਦੂਸਰੇ ਸੂਬਿਆਂ ਵਿੱਚ ਘੁੰਮਦੇ ਰਹੇ। ਲੌਂਗੋਵਾਲ ਵਿੱਚ ਪੁਲੀਸ ਲਾਠੀਚਾਰਜ ਨਾਲ ਇੱਕ ਕਿਸਾਨ ਦੀ ਮੌਤ ਲਈ ਭਗਵੰਤ ਮਾਨ ਨੂੰ ਦੋਸ਼ੀ ਠਹਿਰਾਉਂਦਿਆਂ ਸ੍ਰੀ ਬਾਦਲ ਨੇ ਕਿਹਾ ਇਸ ਮਾਮਲੇ ਵਿੱਚ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਲਾਠੀਚਾਰਜ ਉਨ੍ਹਾਂ ਦੀ ਮਨਜ਼ੂਰੀ ਦੇ ਬਾਅਦ ਕੀਤਾ ਗਿਆ। ਜੇ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਆਉਂਦੀਆਂ ਸਰਕਾਰਾਂ ਕਾਰਵਾਈ ਕਰਨਗੀਆਂ।