ਬਠਿੰਡਾ-ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਗਈ ਯੂਥ ਮਿਲਣੀ ਰੈਲੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਪੰਜਾਬੀਆਂ ਨਾਲ ਧੋਖਾ ਕਰਨ ਦੇ ਦੋਸ਼ ਲਗਾਏ। ਜਾਣਕਾਰੀ ਮੁਤਾਬਕ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕੇਜਰੀਵਾਲ ਦੇ ਸੰਤਰੀ ਬਣ ਕੇ ਕੰਮ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਸੁਰੱਖਿਆ ਫ਼ੌਜ ਲੈ ਕੇ ਘੁੰਮ ਰਹੇ ਮੁੱਖ ਮੰਤਰੀ ਕੋਲ ਹੁਣ ਬੋਲਣ ਨੂੰ ਕੁੱਝ ਵੀ ਨਹੀਂ ਹੈ। ਉਨ੍ਹਾਂ ਪੰਜਾਬ ਅਤੇ ਗ਼ਰੀਬਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਜਿਸ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਨੌਕਰੀਆਂ ਦਾ ਹੋਕਾ ਦੇਣ ਵਾਲੇ ਮੁੱਖ ਮੰਤਰੀ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਬਾਹਰਲੇ ਸੂਬਿਆਂ ਦੇ ਨੌਜਵਾਨਾਂ ਨੂੰ ਨੌਕਰੀਆਂ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਵਾਲਾ ਹੁਣ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਸਮੇਤ ਅਤੇ ਪੰਜਾਬ ਦੇ ਗੁਆਂਢੀ ਸੂਬਿਆਂ ਨੂੰ ਪਾਣੀ ਦੇ ਕੇ ਕੇਜਰੀਵਾਲ ਦੀਆਂ ਵੋਟਾਂ ਪੱਕੀਆਂ ਕਰ ਰਿਹਾ ਹੈ। ਇਸ ਤੋਂ ਬਿਨਾਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਰਾਜਾ ਵੜਿੰਗ ਨੇ ਭਗਵੰਤ ਮਾਨ ਅੱਗੇ ਗੋਡੇ ਟੇਕ ਦਿੱਤੇ ਹਨ ਤਾਂ ਜੋ ਬੱਸਾਂ ਦੀਆਂ ਬਾਡੀਆਂ ਦੀਆਂ ਫ਼ਾਈਲਾਂ ਬੰਦ ਹੀ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੂਠ ਬੋਲ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਹੈ ਜਿਸ ਕਰ ਕੇ ਪੰਜਾਬ ਦੇ ਹਿੱਤਾਂ ਦੀ ਬਲੀ ਦਿੱਤੀ ਜਾ ਰਹੀ ਹੈ। ਪਿੰਡ ਘੁੱਦਾ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਪੰਜ ਸਾਲ ਕਾਂਗਰਸ ਦੀ ਕੈਪਟਨ ਸਰਕਾਰ ਲੁੱਟ ਕੇ ਚਲੀ ਗਈ ਤੇ ਹੁਣ ਦਿੱਲੀ ਤੋਂ ਚੱਲਦੀ ‘ਆਪ’ ਸਰਕਾਰ ਵੱਲੋਂ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀਆਂ ਨੌਕਰੀਆਂ ਬਾਹਰਲੇ ਲੋਕਾਂ ਨੂੰ ਦੇ ਕੇ ਪੰਜਾਬ ਦੀ ਨੌਜਵਾਨੀ ਨਾਲ ਧੋਖਾ ਕੀਤਾ ਜਾ ਰਿਹਾ ਹੈ ਜਿਸ ਲਈ ਨੌਜਵਾਨਾਂ ਨੂੰ ਅੱਗੇ ਆਉਣ ਦੀ ਲੋੜ ਹੈ।