ਚੰਡੀਗੜ੍ਹ-ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ’ਤੇ ਸ਼ਬਦੀ ਹਮਲਾ ਕੀਤਾ ਅਤੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਚੁੱਕੀ ਹੈ ਅਤੇ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਜ਼ਿਆਦਤੀਆਂ ਕਰ ਰਹੀ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਕਿਹਾ ਕਿ ਅਜੇ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਅਤੇ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ ਅਤੇ ਨਾ ਹੀ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਹੈ। ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਜੋ 218.40 ਕਰੋੜ ਰੁਪਏ ਭੇਜੇ ਸਨ, ਉਹ ਵੀ ਪੰਜਾਬ ਦੇ ਲੋਕਾਂ ਨੂੰ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਹੈ।