ਅੰਮ੍ਰਿਤਸਰ-18 ਜੂਨ 2023 ਨੂੰ ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ, ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਬਾਅਦ ਇਹ ਮਾਮਲਾ ਸਿੱਖ ਹਲਕਿਆਂ ’ਚ ਭਖ ਗਿਆ ਹੈ। ਜਾਣਕਾਰੀ ਮੁਤਾਬਕ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਇਸ ਸਬੰਧੀ ਭਾਰਤ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਮਾਮਲੇ ਨੂੰ ਸੰਜੀਦਾ ਵਿਚਾਰ ਦੇ ਏਜੰਡੇ ’ਤੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਦੇਸ਼ ਵਿਦੇਸ਼ ਦੇ ਸਿੱਖਾਂ ਨਾਲ ਸਬੰਧਤ ਅਜਿਹੇ ਮਾਮਲਿਆਂ ਸਬੰਧੀ ਇਕ ਸੁਹਿਰਦ ਪਹੁੰਚ ਅਪਣਾਵੇ ਅਤੇ ਸਿੱਖਾਂ ਅੰਦਰ ਬੇਵਿਸ਼ਵਾਸੀ ਵਾਲਾ ਮਾਹੌਲ ਨਾ ਬਣਨ ਦੇਵੇ। ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਆਪਣੇ ਦੇਸ਼ ਦੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਦਲ ਖਾਲਸਾ ਦੇ ਕੰਵਰਪਾਲ ਸਿੰਘ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਕੀਤਾ ਗਿਆ ਦਾਅਵਾ ਉੱਥੋਂ ਦੀਆਂ ਜਾਂਚ ਏਜੰਸੀਆਂ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਵੀ ਪਰਮਜੀਤ ਸਿੰਘ ਪੰਜਵੜ ਦੇ ਕਤਲ ਮਾਮਲੇ ’ਚ ਅਤੇ ਯੂਕੇ ਦੀ ਸਰਕਾਰ ਨੂੰ ਅਵਤਾਰ ਸਿੰਘ ਖੰਡਾ ਦੀ ਮੌਤ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਭਾਰਤੀ ਵਿਦੇਸ਼ ਮੰਤਰਾਲੇ ਨੂੰ ਟਰੂਡੋ ਸਰਕਾਰ ਵੱਲੋਂ ਲਗਾਏ ਦੋਸ਼ਾਂ ਦਾ ਜਵਾਬ ਦੇਣਾ ਚਾਹੀਦਾ ਹੈ।