ਚਡੀਗੜ੍ਹ-ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਲੋਕਾਂ ਦੀ ਬਰਾਬਰ ਭਾਈਵਾਲੀ ਲਈ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਨਵੇਂ ਵਟਸਐਪ ਚੈਨਲ ਦੀ ਸ਼ੁਰੂਆਤ ਕੀਤੀ। ਜਾਣਕਾਰੀ ਮੁਤਾਬਕ ਨਵੇਂ ਵਟਸਐਪ ਚੈਨਲ https://whatsapp.com/channel/0029va42i695fm5iifathj0q ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਨਾਗਰਿਕ ਕੇਂਦਰਿਤ ਫੈਸਲਾ ਦੱਸਿਆ ਜਿਸ ਦਾ ਮਨੋਰਥ ਲੋਕਾਂ ਨਾਲ ਬਿਹਤਰ ਸੰਪਰਕ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਲਿੰਕ ਰਾਹੀਂ ਚੈਨਲ ਦਾ ਹਿੱਸਾ ਬਣ ਸਕਦੇ ਹਨ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਕ ਉਪਰਾਲਾ ਲੋਕਾਂ ਨੂੰ ਸ਼ਾਸਨ ਦਾ ਅਨਿੱਖੜਵਾਂ ਅੰਗ ਬਣਾਉਣ ਵਿੱਚ ਬਹੁਤ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਨਾਲ ਸੂਬਾ ਸਰਕਾਰ ਅਤੇ ਲੋਕਾਂ ਦਰਮਿਆਨ ਰਿਸ਼ਤਾ ਹੋਰ ਗੂੜਾ ਹੋਵੇਗਾ ਕਿਉਂ ਜੋ ਇਸ ਨਾਲ ਦੋਵਾਂ ਪਾਸਿਆਂ ਵਿੱਚ ਸਿੱਧੀ ਵਾਰਤਾਲਾਪ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਤਕਨਾਲੌਜੀ ਦਾ ਯੁੱਗ ਹੈ ਅਤੇ ਇਸ ਕਦਮ ਨਾਲ ਸੂਬੇ ਦੇ ਲੋਕ ਵੀ ਸਰਕਾਰ ਨਾਲ ਸ਼ਾਸਨ ਵਿੱਚ ਬਰਾਬਰ ਦੇ ਭਾਈਵਾਲ ਬਣ ਸਕਣਗੇ। ਭਗੰਵਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਲੋਕਾਂ ਨੂੰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਬਾਰੇ ਤਾਜ਼ਾ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਇਸ ਦੌਰਾਨ ਇਸ ਵਟਸਐਪ ਚੈਨਲ ਉਤੇ ਪਹਿਲੀ ਪੋਸਟ ਵਿੱਚ ‘ਸਕੂਲ ਆਫ਼ ਐਮੀਨੈਂਸ’ ਨੂੰ ਦਿਖਾਇਆ ਗਿਆ ਹੈ ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸਿੱਖਿਆ ਦੇ ਖੇਤਰ ਵਿੱਚ ਇਕ ਕ੍ਰਾਂਤੀਕਾਰੀ ਕਦਮ ਹੈ ਜੋ ਸੂਬੇ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾਏਗਾ।