ਚੰਡੀਗੜ੍ਹ-ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਮੁੱਖ ਮੰਤਰੀਆਂ ਦੇ ਉਲਟ ਪੰਜਾਬ ਦੇ ਸਾਰੇ ਮੁੱਦੇ ਜ਼ੋਰਦਾਰ ਢੰਗ ਨਾਲ ਕੇਂਦਰ ਅੱਗੇ ਚੁੱਕੇ। ਜਾਣਕਾਰੀ ਮੁਤਾਬਕ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਪਿਛਲੇ ਮੁੱਖ ਮੰਤਰੀ ਸੂਬੇ ਦੇ ਹੱਕਾਂ ਦੀ ਕੀਮਤ ’ਤੇ ਕੇਂਦਰ ਅੱਗੇ ਸਮਝੌਤਾ ਕਰਦੇ ਸਨ ਪਰ ਮੌਜੂਦਾ ਮੁੱਖ ਮੰਤਰੀ ਨੇ ਸਾਰੇ ਮੁੱਦੇ ਉਠਾਏ ਅਤੇ ਪੰਜਾਬ ਦੀਆਂ ਮੰਗਾਂ ਤੇ ਹੱਕਾਂ ਨੂੰ ਇਮਾਨਦਾਰੀ ਨਾਲ ਕੇਂਦਰ ਮੂਹਰੇ ਰੱਖਿਆ। ਸ੍ਰੀ ਕੰਗ ਨੇ ਕਿਹਾ ਕਿ ਮੀਟਿੰਗ ’ਚ ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਹੈ। ਉਨ੍ਹਾਂ ਬੀਬੀਐੱਮਬੀ ਵਿੱਚ ਪੰਜਾਬ ਦੀ ਨੁਮਾਇੰਦਗੀ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਐੱਸਵਾਈਐੱਲ ਨਾ ਬਣਾਉਣ ਤੇ ਵਾਈਐੱਸਐੱਲ ਬਣਾਉਣ ਦੀ ਮੰਗ ਕੀਤੀ। ਇਸੇ ਤਰ੍ਹਾਂ ਸ਼ਾਨਨ ਪਾਵਰ ਪ੍ਰਾਜੈਕਟ ’ਤੇ ਵੀ ਪੰਜਾਬ ਦਾ ਹੱਕ ਜਤਾਇਆ। ‘ਆਪ’ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਯੂਨੀਵਰਸਿਟੀ ਦੇ ਸਾਰੇ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਕੇਂਦਰ ਤੋਂ ਆਰਡੀਐੱਫ ਦੇ ਬਕਾਇਆ ਪੈਸਿਆਂ ਦੀ ਵੀ ਮੰਗ ਕੀਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਕੇਂਦਰ ਦਾ ਸਹਿਯੋਗ ਤੇ ਪੰਜਾਬ ਨੂੰ ਹੜ੍ਹਾਂ ਕਰ ਕੇ ਹੋਏ ਨੁਕਸਾਨ ਬਦਲੇ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਕੀਤੀ ਹੈ। ਸ੍ਰੀ ਕੰਗ ਨੇ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਸਾਰੇ ਮਸਲਿਆਂ ’ਤੇ ਹਾਂ-ਪੱਖੀ ਹੁੰਗਾਰਾ ਭਰੇਗੀ ਤੇ ਪੰਜਾਬ ਨੂੰ ਉਸ ਦੇ ਸਾਰੇ ਅਧਿਕਾਰ ਦੇਵੇਗੀ।