ਅੰਮ੍ਰਿਤਸਰ-ਮੋਰਿੰਡਾ ਸ਼ਹਿਰ ਵਿੱਚ ਗੁਰਬਾਣੀ ਦੀਆਂ ਪੋਥੀਆਂ ਅਤੇ ਗੁਟਕਾ ਸਾਹਿਬ ਨੂੰ ਕੋਠੇ ਦੀ ਛੱਤ ਉੱਪਰ ਬਾਹਰ ਹੀ ਰੱਖ ਕੇ ਮਰਿਆਦਾ ਦੀ ਉਲੰਘਣਾ ਕਰ ਬੇਅਦਬੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ। ਇਸ ਮੌਕੇ ਸਿੰਘ ਸਾਹਿਬ ਨੇ ਕਿਹਾ ਕਿ ਭਾਵੇਂ ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ 295 ਏ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ, ਪਰ ਫਿਰ ਵੀ ਦੋਸ਼ੀਆਂ ਖ਼ਿਲਾਫ਼ ਹੋਰ ਵੀ ਧਾਰਾਵਾਂ ਲਗਾ ਕੇ ਤੁਰੰਤ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਸ ਮਸਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕਰਵਾਈ ਜਾਵੇ ਤਾਂ ਜੋ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ ਦੋਸ਼ੀ ਜੇਲ੍ਹ ਅੰਦਰ ਬੰਦ ਕੀਤੇ ਜਾ ਸਕਣ। ਸਿੰਘ ਸਾਹਿਬ ਨੇ ਇਹ ਵੀ ਕਿਹਾ ਕਿ ਬੇਅਦਬੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਆਦੇਸ਼ ਜਾਰੀ ਕੀਤੇ ਜਾਣਗੇ।