ਬਠਿੰਡਾ-ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ’ਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਵਿਜੀਲੈਂਸ ਟੀਮ ਨੇ ਉਹਨਾਂ ਦੇ ਚੰਡੀਗੜ੍ਹ ਸਥਿਤ ਘਰ ’ਤੇ ਛਾਪਾ ਮਾਰਿਆ। ਜਾਣਕਾਰੀ ਮੁਤਾਬਕ ਇਸ ਦੌਰਾਨ ਵਿਜੀਲੈਂਸ ਟੀਮ ਕਾਫੀ ਦੇਰ ਤੱਕ ਘਰ ਦੇ ਅੰਦਰ ਹੀ ਰਹੀ ਪਰ ਮਨਪ੍ਰੀਤ ਬਾਦਲ ਉਥੇ ਨਹੀਂ ਮਿਲੇ। ਇਸ ਦੌਰਾਨ ਮਨਪ੍ਰੀਤ ਬਾਦਲ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਗਈ। ਜਾਂਚ ਤੋਂ ਬਾਅਦ ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਮਨਪ੍ਰੀਤ ਦੀ ਭਾਲ ਜਾਰੀ ਹੈ। ਪੰਜਾਬ ਤੋਂ ਇਲਾਵਾ ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਸਮੇਤ ਕਈ ਰਾਜਾਂ ਵਿਚ ਗੁਪਤ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਬੀਤੇ ਦਿਨੀਂ ਦੁਪਹਿਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਮਨਪ੍ਰੀਤ ਨੇ ਐਡਵੋਕੇਟ ਸੁਖਦੀਪ ਭਿੰਡਰ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਦੀ ਅਦਾਲਤ ਤੋਂ ਰਾਹਤ ਦੀ ਮੰਗ ਕੀਤੀ ਹੈ। ਇਸ ’ਤੇ 4 ਅਕਤੂਬਰ ਨੂੰ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਸੀ। ਇਹ ਪਟੀਸ਼ਨ ਕੇਸ ਦਰਜ ਹੋਣ ਤੋਂ ਪਹਿਲਾਂ ਦਾਇਰ ਕੀਤੀ ਗਈ ਸੀ। ਬਠਿੰਡਾ ’ਚ ਮਨਪ੍ਰੀਤ ਬਾਦਲ ਖਿਲਾਫ਼ ਜ਼ਮੀਨ ਦੀ ਵੰਡ ’ਚ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ’ਤੇ ਬਠਿੰਡਾ ਵਿਕਾਸ ਅਥਾਰਟੀ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਦੋ ਪਲਾਟ ਘੱਟ ਰੇਟ ’ਤੇ ਖਰੀਦਣ ਦਾ ਦੋਸ਼ ਹੈ। ਦੱਸ ਦਈਏ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਫਰਾਰ ਹਨ। ਵਿਜੀਲੈਂਸ ਉਹਨਾਂ ਦੀ ਭਾਲ ਵਿਚ ਕਈ ਰਾਜਾਂ ਵਿਚ ਛਾਪੇਮਾਰੀ ਕਰ ਰਹੀ ਹੈ।