ਚੰਡੀਗੜ੍ਹ-ਐੱਸਵਾਈਐੱਲ ਨਹਿਰ ਦੀ ਉਸਾਰੀ ਲਈ ਜ਼ਮੀਨ ਦਾ ਪੰਜਾਬ ਵਿੱਚ ਸਰਵੇਖਣ ਕਰਨ ਦੇ ਹੁਕਮਾਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਇਸ ਲਈ ਸਰਵੇਖਣ ਕਰਵਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਜਾਣਕਾਰੀ ਮੁਤਾਬਕ ਸ੍ਰੀ ਵੜਿੰਗ ਨੇ ਕੇਂਦਰ ਸਰਕਾਰ ਨੂੰ ਸਤਲੁਜ-ਯਮੁਨਾ ਦੇ ਨਿਰਮਾਣ ਲਈ ਜ਼ਮੀਨ ਦਾ ਸਰਵੇਖਣ ਕਰਨ ਦੇ ਹੁਕਮ ਦੇਣ ਦਾ ਵਿਰੋਧ ਕੀਤਾ। ਸ੍ਰੀ ਵੜਿੰਗ ਨੇ ਕਿਹਾ ਕਿ ‘ਆਪ’ ਉੱਤਰੀ ਭਾਰਤ ’ਚ ਪੈਰ ਜਮਾਉਣ ਲਈ ਪੰਜਾਬ ਦੇ ਮਾਮਲੇ ਨੂੰ ਕਮਜ਼ੋਰ ਕਰਨ ਲੱਗੀ ਹੋਈ ਹੈ। ਇਸੇ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਬਾਰੇ ਸੁਪਰੀਮ ਕੋਰਟ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਟਿੱਪਣੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ ’ਤੇ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਅਪੀਲ ਕੀਤੀ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵੀ ਇਸ ਏਜੰਡੇ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣਾ ਚਾਹੀਦਾ ਹੈ ਤਾਂ ਜੋ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾ ਸਕੇ। ਬਾਜਵਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਲਈ ਕਦਮ ਨਾ ਚੁੱਕਣ ਲਈ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਇਸ ਤੋਂ ਬਿਨਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਐੱਸਵਾਈਐੱਲ ਮੁੱਦੇ ’ਤੇ ਕੀਤੀ ਟਿੱਪਣੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਵੇ ਅਤੇ ਸਾਰਿਆਂ ਨੂੰ ਨਾਲ ਲੈ ਕੇ ਇਸ ਸਬੰਧੀ ਬਣਦੀ ਕਾਰਵਾਈ ਕਰੇ। ਸ੍ਰੀ ਚੰਨੀ ਨੇ ਇਸ ਪੱਤਰਕਾਰ ਨੂੰ ਫੋਨ ’ਤੇ ਕਿਹਾ ਕਿ ਇਸ ਮਾਮਲੇ ’ਚ ਪੰਜਾਬ ਸਰਕਾਰ ਆਪਣਾ ਪੱਖ ਸੁਪਰੀਮ ਕੋਰਟ ਵਿੱਚ ਰੱਖਣ ਵਿੱਚ ਬੁਰੀ ਤਰ੍ਹਾਂ ਨਾਕਾਮ ਹੋਈ ਹੈ ਕਿਉਂਕਿ ਸਿਖਰਲੀ ਅਦਾਲਤ ’ਚ ਇਹ ਪ੍ਰਭਾਵ ਗਿਆ ਹੈ ਕਿ ਸਰਕਾਰ ਇਸ ਮੁੱਦੇ ’ਤੇ ਸਿਰਫ਼ ਸਿਆਸਤ ਕਰ ਰਹੀ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ, ‘‘ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਅਸੀਂ ਸੂਬੇ ਦਾ ਪਾਣੀ ਬਾਹਰ ਵੀ ਨਹੀਂ ਜਾਣ ਦਿਆਂਗੇ। ਇਸ ਮੁੱਦੇ ’ਤੇ ਸਰਕਾਰ ਦਾ ਪੂਰਾ ਸਮਰਥਨ ਕਰਾਂਗੇ।’’