ਨਵੀਂ ਦਿੱਲੀ-ਸੂਬੇ ’ਚੋਂ ਨਸ਼ਾ ਖ਼ਤਮ ਕਰਨ ਵਿੱਚ ਫੇਲ੍ਹ ਹੋਣ ਮਗਰੋਂ ਹੁਣ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ’ਚ ਅਰਦਾਸ ਕਰਨ ਦੀ ਸਰਕਾਰੀ ਖਰਚੇ ’ਤੇ ਇਸ਼ਤਿਹਾਰਬਾਜ਼ੀ ਕਰ ਰਹੇ ਹਨ ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੱਲਬਾਤ ਕਰਦਿਆਂ ਕਹੇ। ਜਾਣਕਾਰੀ ਮੁਤਾਬਕ ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਇਸ ਤਰ੍ਹਾਂ ਕਰ ਕੇ ਦੋਸ਼ਮੁਕਤ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਇਸ ਕਰ ਕੇ ਜ਼ਿਆਦਾ ਵੱਧ ਗਿਆ ਹੈ ਕਿਉਂਕਿ ‘ਆਪ’ ਵਿਧਾਇਕ ਡਰੱਗ ਮਾਫੀਆ ਤੋਂ ਮਹੀਨਾ ਲੈ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਅਫ਼ਸਰਾਂ ਨੂੰ ਨਸ਼ਾ ਕਾਰੋਬਾਰ ਦੇ ਸਰਗਨਿਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਨਸ਼ੇ ਦੀ ਹੋਮ ਡਲਿਵਰੀ ਹੋ ਰਹੀ ਹੈ। ਮੁੱਖ ਮੰਤਰੀ ਆਪਣੀਆਂ ਅਸਫ਼ਲਤਾਵਾਂ ’ਤੇ ਪਰਦਾ ਪਾਉਣ ਲਈ ਇਸ ਤਰ੍ਹਾਂ ਦੇ ਸਟੰਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਉਸ ਬਿਆਨ ’ਤੇ ਚੁੱਪ ਕਿਉਂ ਹਨ ਜਿਸ ’ਚ ਉਨ੍ਹਾਂ ਨੇ ਐੱਸਵਾਈਐੱਲ ਦੇ ਪਾਣੀਆਂ ’ਤੇ ਹਰਿਆਣਾ ਦੇ ਹੱਕ ਨੂੰ ਵਾਜਬ ਠਹਿਰਾਇਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਭਗਵੰਤ ਮਾਨ ਅਸਲ ਵਿੱਚ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਦੀ ਸਾਜਿਸ਼ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਰਲੇ ਹੋਏ ਹਨ।