ਚੰਡੀਗੜ੍ਹ- ਕਿਸਾਨਾਂ ਨੂੰ ਉਪਜ ਦੇ ਲਾਹੇਵੰਦ ਭਾਅ ਅਤੇ ਲੋਕਾਂ ਨੂੰ ਸਸਤੇ ਭਾਅ ’ਤੇ ਮਿਆਰੀ ਵਸਤਾਂ ਦੀ ਸਪਲਾਈ ਲਈ ਦੇਸ਼ ਅੰਦਰ ਅੰਤਰਰਾਜੀ ਵਪਾਰ ਦਾ ਢਾਂਚਾ ਖੜ੍ਹਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਜੀ ਵਪਾਰ ਲਈ ਵੱਖ-ਵੱਖ ਸੂਬਿਆਂ ਨੂੰ ਖੇਤੀ ਵਸਤਾਂ ਦੀ ਖ਼ਰੀਦੋ-ਫ਼ਰੋਖ਼ਤ ਲਈ ਸਾਂਝਾ ਪਲੈਟਫ਼ਾਰਮ ਤਿਆਰ ਕਰਨ ਦਾ ਸੱਦਾ ਦਿੱਤਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਇਸ ਸਬੰਧੀ ਵੱਖ-ਵੱਖ ਰਾਜਾਂ ਦੇ ਮੰਡੀ ਬੋਰਡਾਂ ਦੇ ਚੇਅਰਮੈਨਾਂ ਅਤੇ ਪ੍ਰਬੰਧ ਨਿਰਦੇਸ਼ਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਖੀ। ਇਸ ਮੌਕੇ ਮੁੱਖ ਮੰਤਰੀ ਨੇ ਮਿਸਾਲ ਦਿੱਤੀ ਕਿ ਪੰਜਾਬ ਵਿੱਚ ਮੁੱਖ ਤੌਰ ’ਤੇ ਬਾਸਮਤੀ, ਕਿੰਨੂ, ਲੀਚੀ ਤੇ ਖ਼ਰਬੂਜ਼ਾ ਦੀ ਮਾਰਕੀਟ ਸਰਪਲੱਸ ਹੈ ਅਤੇ ਇਨ੍ਹਾਂ ਜਿਨਸਾਂ ਦਾ ਮੰਡੀਕਰਨ ਦੂਸਰੇ ਸੂਬਿਆਂ ਵਿੱਚ ਕੀਤਾ ਜਾ ਸਕਦਾ ਹੈ। ਖ਼ਰਬੂਜ਼ੇ ਦੀ ਮਾਰਕੀਟਿੰਗ ਜੰਮੂ ਕਸ਼ਮੀਰ ਵਿੱਚ ਕੀਤੀ ਜਾ ਸਕਦੀ ਹੈ। ਗੋਆ ਵਿੱਚ ਕਾਜੂ 150 ਰੁਪਏ ਕਿੱਲੋ ਹੈ ਜਿਸ ਦਾ ਪੰਜਾਬ ਵਿੱਚ ਮੰਡੀਕਰਨ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਸਿੱਧਾ ਫ਼ਾਇਦਾ ਪੁੱਜੇਗਾ, ਜਿਸ ਲਈ ਹਰ ਸੂਬੇ ਨੂੰ ਦੂਸਰੇ ਸੂਬੇ ਦੇ ਕਿਸਾਨਾਂ ਵਾਸਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਵਸਤਾਂ ਦੀ ਖਰੀਦੋ-ਫਰੋਖਤ ਲਈ ਸਾਂਝਾ ਪਲੈਟਫ਼ਾਰਮ ਤਿਆਰ ਕਰਨ ਵਾਸਤੇ ਸਾਰੇ ਸੂਬਿਆਂ ਨੂੰ ਹੱਥ ਮਿਲਾਉਣੇ ਚਾਹੀਦੇ ਹਨ ਕਿਉਂਕਿ ਅਜਿਹਾ ਕਰਨਾ ਖਪਤਕਾਰਾਂ ਅਤੇ ਕਿਸਾਨਾਂ ਦੋਵਾਂ ਦੇ ਹਿਤਾਂ ਦੀ ਰਾਖੀ ਲਈ ਸਮੇਂ ਦੀ ਅਹਿਮ ਲੋੜ ਹੈ। ਇਸ ਨਾਲ ਲੋਕਾਂ ਨੂੰ ਮਿਆਰੀ ਉਤਪਾਦਾਂ ਦੀ ਉਪਲਬਧਤਾ ਅਤੇ ਕਿਸਾਨਾਂ ਨੂੰ ਉਪਜ ਦਾ ਲਾਹੇਵੰਦ ਭਾਅ ਮਿਲਣਾ ਯਕੀਨੀ ਬਣੇਗਾ। ਚੇਤੇ ਰਹੇ ਕਿ ਵੱਖ-ਵੱਖ ਸੂਬਿਆਂ ਦੇ ਮੰਡੀ ਬੋਰਡਾਂ ਦੇ ਚੇਅਰਮੈਨਾਂ ਦੀ ਪੰਚਕੂਲਾ ਵਿੱਚ ਹਾਲ ਹੀ ’ਚ ਕਾਨਫ਼ਰੰਸ ਹੋਈ ਹੈ। ਮੁੱਖ ਮੰਤਰੀ ਮਾਨ ਮੁਤਾਬਕ, ‘‘ਹੁਣ ਜਦੋਂ ਸਮੁੱਚਾ ਵਿਸ਼ਵ ਇੱਕ ਮੰਡੀ ਵਜੋਂ ਉੱਭਰਿਆ ਹੈ ਤਾਂ ਪੈਦਾਵਾਰ ਅਤੇ ਮੰਡੀਕਰਨ ਸਬੰਧੀ ਸੂਬਿਆਂ ਵਿਚਕਾਰ ਬੰਦਸ਼ਾਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ। ਸਾਰੇ ਸੂਬਿਆਂ ਵਿੱਚ ਮਾਲ ਦੀ ਉਪਲਬਧਤਾ ਨਾਲ ਖਪਤਕਾਰਾਂ ਤੇ ਕਿਸਾਨਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ।