ਚੰਡੀਗੜ੍ਹ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਬੋਲੀ ਵਿਚ ਵੇਚਣ ਜਾ ਰਹੀ ਹੈ। ਜਿਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਦੀ ਬੋਲੀ ’ਤੇ ਰੋਕ ਲਗਵਾਉਣ। ਜਾਣਕਾਰੀ ਮੁਤਾਬਕ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਆਪਣੇ ਆਪ ਨੂੰ ਇਸ ਪਾਵਨ ਅਤੇ ਅਣਮੁੱਲੀ ਬਖ਼ਸ਼ਿਸ਼ ਨੂੰ ਸੰਭਾਲਣ ਤੋਂ ਅਸਮਰੱਥ ਮਹਿਸੂਸ ਕਰਦੀ ਹੈ ਤਾਂ ਮੇਰੀ ਬੇਨਤੀ ਹੈ ਕਿ ਇਸ ਪਵਿੱਤਰ ਚਿੰਨ੍ਹ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਸ ਸੌਂਪਣ ਦੀ ਕਿਰਪਾਲਤਾ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ ਟਵੀਟ ਕੀਤਾ ਕਿ“ਮੈਨੂੰ ਇਹ ਜਾਣ ਕੇ ਗਹਿਰਾ ਦੁੱਖ ਲੱਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਭੇਂਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਬੋਲੀ ਵਿੱਚ ਵੇਚਣ ਜਾ ਰਹੀ ਹੈ। ਇਹ ਮਾਡਲ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਅਤੇ ਅਸ਼ੀਰਵਾਦ ਦੇ ਪਵਿੱਤਰ ਚਿੰਨ੍ਹ ਵਜੋਂ ਭੇਂਟ ਕੀਤਾ ਗਿਆ ਸੀ ਅਤੇ ਇਸ ਨੂੰ ਨੀਲਾਮ ਕਰਨਾ ਇਸ ਦਾ ਘੋਰ ਨਿਰਾਦਰ ਹੋਏਗਾ ਤੇ ਇਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ।”