ਚੰਡੀਗੜ੍ਹ-ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਲਿਖੇ ਪੱਤਰ ਰਾਹੀਂ ਵਿਧਾਨ ਸਭਾ ਇਜਲਾਸ ਬਾਰੇ ਰਾਜਪਾਲ ਦਾ ਗੈਰਕਾਨੂੰਨੀ ਸਟੈਂਡ ਬੇਨਕਾਬ ਹੋ ਗਿਆ ਹੈ ਇਹ ਸ਼ਬਦ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਕਹੇ। ਜਾਣਕਾਰੀ ਮੁਤਾਬਕ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਿਧਾਨ ਸਭਾ ਵਿੱਚ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸੈਸ਼ਨ ਬਾਰੇ ਰਾਜਪਾਲ ਵੱਲੋਂ ਲਿਆਂਦੀਆਂ ਗਈਆਂ ਚੁਣੌਤੀਆਂ ਸੁਪਰੀਮ ਕੋਰਟ ’ਚ ਇੱਕ ਮਿੰਟ ਵੀ ਨਹੀਂ ਰੁਕਣਗੀਆਂ। ਕੰਗ ਨੇ ਕਿਹਾ ਕਿ ਰਾਜਪਾਲ ਵੱਲੋਂ ਲਿਖਿਆ ਪੱਤਰ ਇਸ ਗੱਲ ਦਾ ਸਬੂਤ ਹੈ ਕਿ ਰਾਜਪਾਲ ਸਿਰਫ਼ ਸੈਸ਼ਨ ਦੀ ਕਾਰਵਾਈ ਅਤੇ ਪੰਜਾਬ ’ਚ ‘ਆਪ’ ਸਰਕਾਰ ਦੇ ਕੰਮਾਂ ’ਚ ਰੁਕਾਵਟ ਪਾਉਣਾ ਚਾਹੁੰਦੇ ਹਨ। ਸਰਕਾਰ ਨੇ ਇਸ ਮਾਮਲੇ ’ਚ ਸਿਰਫ਼ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਸੀ ਪਰ ਰਾਜਪਾਲ ਨੇ ਪਹਿਲਾਂ ਹੀ ਯੂ-ਟਰਨ ਲੈ ਲਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਨੂੰ ਵੀ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।