ਜਲੰਧਰ-ਕਾਂਗਰਸੀ ਵਿਧਾਇਲ ਸੁਖਪਾਲ ਸਿੰਘ ਖਹਿਰਾ ਜੋ ਕਿ ਨਾਭਾ ਜੇ੍ਹਲ ਵਿੱਚ ਬੰਦ ਹਨ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਜਾ ਰਹੀਆਂ ਹਨ। ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਨੂੰ 8 ਸਾਲ ਪੁਰਾਣੇ ਡਰੱਗਜ਼ ਮਾਮਲੇ ’ਚ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ ਅਤੇ ਹੁਣ ਪੰਜਾਬ ਪੁਲਿਸ ਦੀ ਐੱਸ. ਆਈ. ਟੀ. ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਖਾਤਿਆਂ ਦੀ ਲਗਾਤਾਰ ਜਾਂਚ ਕਰ ਰਹੀ ਹੈ ਜਿਸ ਵਿੱਚ ਹੁਣ ਤੱਕ 45 ਖ਼ਾਤਿਆਂ ਦੀ ਜਾਂਚ ਹੋ ਚੁੱਕੀ ਹੈ। ਐੱਸ. ਆਈ. ਟੀ. ਨਾਲ ਜੁੜੇ ਸੂਤਰਾਂ ਦਾ ਦਾਅਵਾ ਹੈ ਕਿ ਜਾਂਚ ਦੌਰਾਨ ਖ਼ਾਤਿਆਂ ਵਿੱਚ ਕਰੋੜਾਂ ਰੁਪਏ ਦੇ ਲੈਣ-ਦੇਣ ਦਾ ਖ਼ੁਲਾਸਾ ਹੋਇਆ ਹੈ। ਇਸ ਦਾ ਮਤਲਬ ਹੈ ਕਿ ਹੁਣ ਇਸ ਆਧਾਰ ’ਤੇ ਖ਼ਹਿਰਾ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਵੀ ਦਰਜ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੁਣ 2 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ ਵਿਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਇਸ ਮਾਮਲੇ ’ਚ ਖਹਿਰਾ ਦੀ ਕੀ ਭੂਮਿਕਾ ਹੈ ਅਤੇ ਉਨ੍ਹਾਂ ਖਿਲਾਫ਼ ਕੀ ਸਬੂਤ ਹਨ। ਹਾਈਕੋਰਟ ਨੇ ਸਰਕਾਰ ਤੋਂ ਇਸ ਬਾਰੇ ਜਾਣਕਾਰੀ ਮੰਗੀ ਹੈ। ਦੱਸ ਦਈਏ ਕਿ ਸੁਖਪਾਲ ਖਹਿਰਾ ਨੂੰ 2015 ਦੇ ਐੱਨ. ਡੀ. ਪੀ. ਐੱਸ. ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਖਹਿਰਾ ਨੂੰ ਅੱਠ ਸਾਲ ਬਾਅਦ ਹਿਰਾਸਤ ਵਿਚ ਲਿਆ ਗਿਆ ਹੈ।