ਚੰਡੀਗੜ੍ਹ-1 ਨਵੰਬਰ ਭਾਵ ਪੰਜਾਬ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਰਾਜਨੀਤੀ ਨੂੰ ਵੰਡ ਕੇ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਐੱਸਵਾਈਐਲ ਨਹਿਰ ਮੁੱਦੇ ਨੂੰ ਲੀਹੋਂ ਲਾਹ ਕੇ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕਰਨਗੇ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਕਹੇ। ਜਾਣਕਾਰੀ ਮੁਤਾਬਕ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਨੂੰ ਬਚਾਉਣ ਲਈ ਸਾਰੀਆਂ ਪਾਰਟੀਆਂ ਨੂੰ ਆਲ ਪਾਰਟੀ ਮੀਟਿੰਗ ਵਿੱਚ ਸੱਦਣ ਵਿੱਚ ਨਾਕਾਮ ਰਹੇ ਹਨ ਅਤੇ ਹੁਣ ਉਨ੍ਹਾਂ ਨੇ ਐੱਸਵਾਈਐੱਲ ਮੁੱਦੇ ਨੂੰ ਦਰਕਿਨਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਲੁਧਿਆਣਾ ਵਿੱਚ ਹੋਣ ਵਾਲੀ ਬਹਿਸ ਵਿੱਚ 19 ਮੁੱਦਿਆਂ ’ਤੇ ਚਰਚਾ ਹੋਵੇਗੀ ਅਤੇ ਹਰ ਬੁਲਾਰੇ ਨੂੰ 30 ਮਿੰਟ ਦਿੱਤੇ ਜਾ ਰਹੇ ਹਨ। ਸ੍ਰੀ ਮਜੀਠੀਆ ਨੇ ਕਿਹਾ ਕਿ ਇਸ ਦਾ ਅਰਥ ਹੈ ਕਿ ਸਰਕਾਰ ਐੱਸਵਾਈਐੱਲ ਮਾਮਲੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕਜੁੱਟ ਕਰਨ ਲਈ ਸੰਜੀਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਨੂੰ ਪੁਲੀਸ ਛਾਉਣੀ ਬਣਾ ਦਿੱਤਾ ਗਿਆ ਹੈ ਅਤੇ ਸਾਰਸ ਮੇਲਾ ਵੀ ਬੰਦ ਕਰਵਾ ਦਿੱਤਾ ਗਿਆ ਹੈ। ਇਸ ਤੋਂ ਬਿਨਾਂ ਕਿਸਾਨ ਜਥੇਬੰਦੀਆਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ। ਇਸ ਤੋਂ ਸਪਸ਼ਟ ਹੈ ਕਿ ਇਸ ਵਿੱਚ ਸਿਰਫ਼ ਖਾਸ ਆਦਮੀ ਹੀ ਸ਼ਾਮਲ ਹੋਣਗੇ ਤੇ ਆਮ ਪੰਜਾਬੀਆਂ ਨੂੰ ਇਸ ਤੋਂ ਦੂਰ ਰੱਖਿਆ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਨੂੰ ਖੁੱਲ੍ਹੀ ਬਹਿਸ ਵਿੱਚ ਹਿੱਸਾ ਲੈਣ ਦੀ ਚੁਣੌਤੀ ਦਿੱਤੀ, ਜਿੱਥੇ ਮੀਡੀਆ ਹੋਵੇਗਾ ਤੇ ਆਮ ਪੰਜਾਬੀ ਵੀ ਹੋਣਗੇ। ਉਨ੍ਹਾਂ ਬਹਿਸ ਲਈ ਪਾਸ ਵੰਡਣ ਦੀ ਨਿਖੇਧੀ ਕੀਤੀ ਤੇ ਦੱਸਿਆ ਕਿ ‘ਆਪ’ ਵਿਧਾਇਕਾਂ ਨੂੰ 30-30 ਪਾਸ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬਹਿਸ ਦਾ ਮਕਸਦ ਐੱਸਵਾਈਐੱਲ ਨਹਿਰ ਦੇ ਮੁੱਦੇ ਤੋਂ ਧਿਆਨ ਪਾਸੇ ਕਰਨਾ ਹੈ ਅਤੇ ਵਿਰੋਧੀ ਧਿਰ ਖ਼ਿਲਾਫ਼ ਕੂੜ ਪ੍ਰਚਾਰ ਵਿੱਢਣਾ ਹੈ।