ਚੰਡੀਗੜ੍ਹ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਦੀ ਚੋਣ ਸਬੰਧੀ ਬਾਦਲ ਵਿਰੋਧੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠਲੇ ਅਕਾਲੀ ਦਲ (ਸੰਯੁਕਤ) ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਮਹਿਜ਼ 17 ਵੋਟਾਂ ਹੀ ਮਿਲੀਆਂ ਹਨ। ਬਾਦਲ ਪਰਿਵਾਰ ਦਾ ਸ਼੍ਰੋਮਣੀ ਕਮੇਟੀ ਤੋਂ ਦਬਦਬਾ ਘਟਾਉਣ ਲਈ ਵਿਰੋਧੀਆਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਅੱਡੀ-ਚੋਟੀ ਦਾ ਜ਼ੋਰ ਹੀ ਨਹੀਂ ਲਾਇਆ ਜਾ ਰਿਹਾ ਸਗੋਂ ਭਾਜਪਾ ਦੇ ਇੱਕ ਆਗੂ ’ਤੇ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ’ਚ ਦਖ਼ਲ ਦੇਣ ਦੇ ਦੋਸ਼ ਲੱਗੇ ਸਨ। ਇਸ ਤਰ੍ਹਾਂ ਨਾਲ ਭਾਜਪਾ ਦੇ ਇੱਕ ਸਿੱਖ ਆਗੂ ਨੂੰ ਵੀ ਬਾਦਲਾਂ ਵਿਰੋਧੀ ਮੁਹਿੰਮ ’ਚ ਅਸਫ਼ਲ ਰਹਿਣ ਕਾਰਨ ਝਟਕਾ ਲੱਗਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਸ ਵਾਰ ਪਿਛਲੇ ਸਾਲ ਨਾਲੋਂ ਜ਼ਿਆਦਾ ਵੋਟਾਂ ਹਾਸਲ ਹੋਈਆਂ ਹਨ। ਸੂਤਰਾਂ ਅਨੁਸਾਰ ਬਾਦਲਾਂ ਦੇ ਵਿਰੋਧ ’ਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਲਾਮਬੰਦੀ ਨਾ ਹੋਣ ਕਾਰਨ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਇਸ ਵਾਰੀ ਮੈਦਾਨ ਵਿੱਚ ਨਹੀਂ ਨਿੱਤਰੇ। ਹਾਲਾਂਕਿ ਇੱਕ ਵਾਰੀ ਤਾਂ ਸਾਬਕਾ ਪ੍ਰਧਾਨ ਨੇ ਮੁੜ ਤੋਂ ਅਕਾਲੀ ਦਲ ਦੇ ਵਿਰੋਧ ’ਚ ਨਿੱਤਰਨ ਦਾ ਮਨ ਬਣਾ ਲਿਆ ਸੀ ਪਰ ਆਖ਼ਰ ਸੰਤ ਬਲਬੀਰ ਸਿੰਘ ਨੂੰ ਮੈਦਾਨ ’ਚ ਲਿਆਂਦਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਅਕਾਲੀਆਂ ਦੇ ਦੋ ਧੜੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਲਗਾਤਾਰ ਤੀਜੀ ਵਾਰ ਆਹਮੋ-ਸਾਹਮਣੇ ਜ਼ੋਰ-ਅਜ਼ਮਾਈ ਕੀਤੀ।