ਅੰਮ੍ਰਿਤਸਰ-ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਸ਼ਬਦੀ ਹਮਲਾ ਕੀਤਾ ਅਤੇ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਨਾਲ ਆਪ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਆ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਕਿਹਾ ਕਿ ਇਸ ਘੁਟਾਲੇ ਦਾ ਸੇਕ ਪੰਜਾਬ ਵਿੱਚ ਵੀ ਅਸਰ ਪਾਵੇਗਾ। ਉਨ੍ਹਾਂ ਅੱਜ ਇੱਥੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਨਿਗਮ ਚੋਣਾਂ ਵਿੱਚ ਭਾਜਪਾ ਵੱਲੋਂ ਸੂਬੇ ਦੀਆਂ ਪੰਜ ਨਗਰ ਨਿਗਮਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕੀਤੇ ਜਾਣਗੇ ਅਤੇ ਇਹ ਚੋਣਾਂ ਭਾਜਪਾ ਆਪਣੇ ਦਮ ’ਤੇ ਲੜੇਗੀ। ਇੱਥੇ ਭਾਜਪਾ ਦੇ ਦਫ਼ਤਰ ਹਰਬੰਸ ਲਾਲ ਖੰਨਾ ਸਮਾਰਕ ਵਿੱਚ ਉਨ੍ਹਾਂ ਭਾਜਪਾ ਵਰਕਰਾਂ ਨੂੰ ਸੰਬੋਧਨ ਕੀਤਾ। ਇਹ ਸਮਾਗਮ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸ੍ਰੀ ਜਾਖੜ ਨੇ ਕਿਹਾ ਕਿ ਭਾਜਪਾ ਪਹਿਲੀ ਵਾਰ ਪੰਜਾਬ ਦੀਆਂ ਪੰਜ ਨਗਰ ਨਿਗਮ ਚੋਣਾਂ ਆਪਣੇ ਦਮ ’ਤੇ ਲੜੇਗੀ ਤੇ ਹਰੇਕ ਵਾਰਡ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨਗਰ ਨਿਗਮ ਵਿੱਚ ਭਾਜਪਾ ਦਾ ਮੇਅਰ ਬਣੇਗਾ। ਉਨ੍ਹਾਂ ਦਾਅਵਾ ਕੀਤਾ ਕਿ ਨਿਗਮ ਚੋਣਾਂ ਤੋਂ ਬਾਅਦ ਭਾਜਪਾ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਵੀ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲਾਤ ਅਜਿਹੇ ਹਨ ਕਿ ਹੁਣ ਪੁਲੀਸ ਕਰਮਚਾਰੀ ਵੀ ਸੁਰੱਖਿਅਤ ਨਹੀਂ ਹਨ। ਇਸ ਮੌਕੇ ਭਾਜਪਾ ਆਗੂ ਰਾਕੇਸ਼ ਰਾਠੌਰ, ਸ਼ਵੇਤ ਮਲਿਕ ਅਤੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ।