ਚੰਡੀਗੜ੍ਹ-‘ਆਪ’ ਸਰਕਾਰ ਨੇ ਨਗਰ ਕੌਂਸਲ ਚੋਣਾਂ ਤੋਂ ਤੁਰੰਤ ਬਾਅਦ ਪੰਚਾਇਤੀ ਚੋਣਾਂ ਕਰਾਏ ਜਾਣ ਦੀ ਰੂਪ-ਰੇਖਾ ਉਲੀਕੀ ਹੈ ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ ਚੋਣਾਂ ਅਗਲੇ ਸਾਲ ਜਨਵਰੀ ਵਿੱਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਸੂਬਾ ਚੋਣ ਕਮਿਸ਼ਨ ਵੱਲੋਂ ਜਲਦ ਹੀ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਉਸ ਤੋਂ ਪਹਿਲਾਂ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿਚ ‘ਆਪ’ ਸਰਕਾਰ ਵੱਲੋਂ ਰੈਲੀਆਂ ਕੀਤੀਆਂ ਜਾਣਗੀਆਂ ਤਾਂ ਜੋ ਚੋਣਾਂ ਤੋਂ ਪਹਿਲਾਂ ਸਿਆਸੀ ਭਾਰ ਤੋਲਿਆ ਜਾ ਸਕੇ। ਅੰਮ੍ਰਿਤਸਰ ਅਤੇ ਪਟਿਆਲਾ ਵਿਚ ਪਹਿਲਾਂ ਹੀ ਇਹ ਪ੍ਰੋਗਰਾਮ ਹੋ ਚੁੱਕੇ ਹਨ ਜਦੋਂਕਿ ਭਲਕੇ ਹੁਸ਼ਿਆਰਪੁਰ ਹਲਕੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਸਮਾਗਮਾਂ ਵਿਚ ਸ਼ਮੂਲੀਅਤ ਕਰ ਰਹੇ ਹਨ। ਵੇਰਵਿਆਂ ਅਨੁਸਾਰ ਹੁਸ਼ਿਆਰਪੁਰ ਤੋਂ ਬਾਅਦ ਗੁਰਦਾਸਪੁਰ ਲੋਕ ਸਭਾ ਹਲਕੇ ਵਿਚ ਵੱਡੀ ਸਿਆਸੀ ਰੈਲੀ ਕੀਤੀ ਜਾਣੀ ਹੈ। ਸੰਗਰੂਰ ਲੋਕ ਸਭਾ ਹਲਕੇ ਦੀ ਰੈਲੀ ਧੂਰੀ ਵਿਚ ਹੋਵੇਗੀ। ਇਸੇ ਤਰ੍ਹਾਂ 20 ਦਸੰਬਰ ਤੱਕ ਸਾਰੇ ਲੋਕ ਸਭਾ ਹਲਕਿਆਂ ਵਿਚ ਪ੍ਰੋਗਰਾਮ ਕੀਤੇ ਜਾਣੇ ਹਨ। ਮੁੱਖ ਮੰਤਰੀ ਨੇ ਪਹਿਲਾਂ ਹੀ ਐਲਾਨ ਕੀਤਾ ਹੈ ਕਿ ਸ਼ਹੀਦੀ ਸਪਤਾਹ ਕਰਕੇ 20 ਦਸੰਬਰ ਤੋਂ 30 ਦਸੰਬਰ ਤੱਕ ਕੋਈ ਸਰਕਾਰੀ ਸਮਾਗਮ ਕਿਧਰੇ ਵੀ ਨਹੀਂ ਕਰਵਾਏ ਜਾਣਗੇ। ਦੱਸ ਦਈਏ ਕਿ ਨਗਰ ਨਿਗਮਾਂ ’ਚੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮ ਦੀ ਚੋਣ ਹੋਵੇਗੀ।