Punjab

ਅਰਵਿੰਦ ਕੇਜਰੀਵਾਲ ਦੀ ਫੇਰੀ ਨਾਲ ਭਖਿਆ ਸਿਆਸੀ ਮਾਹੌਲ

  • Punjabi Bulletin
  • Nov 19, 2023
ਅਰਵਿੰਦ ਕੇਜਰੀਵਾਲ ਦੀ ਫੇਰੀ ਨਾਲ ਭਖਿਆ ਸਿਆਸੀ ਮਾਹੌਲ
  • 83 views

ਚੰਡੀਗੜ੍ਹ-ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰੇਕ ਲੋਕ ਸਭਾ ਹਲਕੇ ਵਿੱਚ ਵੱਡੀ ਰੈਲੀ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਵਿੱਚ ਸੂਬੇ ਦੇ ਵਿਕਾਸ ਨਾਲ ਸਬੰਧਤ ਸੈਂਕੜੇ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਦਿੱਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਲੋਕ ਸਭਾ ਚੋਣਾਂ ਅਤੇ ਨਗਰ ਕੌਂਸਲ ਚੋਣਾਂ ਨੇੜੇ ਆਉਣ ਕਰਕੇ ਅਰਵਿੰਦ ਕੇਜਰੀਵਾਲ ਦੀ ਫੇਰੀ ਨਾਲ ਪੰਜਾਬ ਵਿੱਚ ਚੋਣਾਂ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ।  ‘ਆਪ’ ਵੱਲੋਂ ਅੰਮ੍ਰਿਤਸਰ, ਪਟਿਆਲਾ ਅਤੇ ਹੁਸ਼ਿਆਰਪੁਰ ’ਚ ਰੈਲੀ ਕਰਨ ਤੋਂ ਬਾਅਦ ਨਵੰਬਰ ਦੇ ਅਖੀਰਲੇ ਹਫ਼ਤੇ ’ਚ ਗੁਰਦਾਸਪੁਰ ਵਿਖੇ ਇਕ ਹੋਰ ਰੈਲੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉੱਥੇ ਵੀ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਸਣੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੇਗੀ। ਜ਼ਿਕਰਯੋਗ ਹੈ ਕਿ ‘ਆਪ’ ਵੱਲੋਂ ਪੰਜਾਬ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਨੂੰ ਲੋਕਾਂ ਵਿੱਚ ਜ਼ੋਰ-ਸ਼ੋਰ ਨਾਲ ਪ੍ਰਚਾਰਿਆ ਜਾ ਰਿਹਾ ਹੈ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ। ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਦੇਣ ਦੇ ਯਤਨਾਂ ਅਤੇ ਹਰ ਮਹੀਨੇ 300 ਬਿਜਲੀ ਯੂਨਿਟ ਮੁਫ਼ਤ ਦੇਣ ਦੀ ਸੂਬੇ ਵਿੱਚ ਸ਼ਲਾਘਾ ਹੋ ਰਹੀ ਹੈ। ਆਮ ਆਦਮੀ ਕਲੀਨਿਕਾਂ ਵਿੱਚ ਵੀ ਲੱਖਾਂ ਲੋਕ ਇਲਾਜ ਕਰਵਾ ਚੁੱਕੇ ਹਨ। ਇਸ ਦਾ ਵੀ ‘ਆਪ’ ਨੂੰ ਲੋਕ ਸਭਾ ਚੋਣਾਂ ਵਿੱਚ ਲਾਹਾ ਮਿਲ ਸਕਦਾ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ‘ਆਪ’ ਨੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਜੋ ਗਾਰੰਟੀਆਂ ਦਿੱਤੀਆਂ ਸਨ, ਉਨ੍ਹਾਂ ਵਿੱਚੋਂ ਵਧੇਰੇ ਡੇਢ ਸਾਲ ਵਿੱਚ ਪੂਰੀਆਂ ਕਰ ਦਿੱਤੀਆਂ ਹਨ ਜਦਕਿ ਰਹਿੰਦੀਆਂ ਨੂੰ ਜਲਦ ਪੂਰਾ ਕੀਤਾ ਜਾਵੇਗਾ।  ‘ਆਪ’ ਸਰਕਾਰ ਵੱਲੋਂ ਇਨ੍ਹਾਂ ਕੰਮਾਂ ਨੂੰ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਆਗਾਮੀ ਲੋਕ ਸਭਾ ਚੋਣਾਂ ’ਚ ਪੰਜਾਬ ਸਣੇ ਚੰਡੀਗੜ੍ਹ ਵਿੱਚ ਲੋਕ ‘ਆਪ’ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿਤਾਉਣ।


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024