ਅੰਮ੍ਰਿਤਸਰ-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਨ ਪਹੁੰਚੀਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਨੇ ਵੀ ਹਾਜ਼ਰੀ ਭਰੀ। ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।