ਜਲੰਧਰ-ਪੰਜਾਬ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਏ ਗਏ ਪਹਿਲੇ ਸੱਭਿਆਚਾਰਕ ਸਮਾਗਮ ‘ਗੁਲਦਸਤਾ-2023’ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਜਾਣਕਾਰੀ ਮੁਤਾਬਕ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪਹਿਲਕਦਮੀ ਦਾ ਉਦੇਸ਼ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰਦੇ ਹਨ ਤੇ ਇਹ ਸਮਾਗਮ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ ਕਿਉਂਕਿ ਡਿਊਟੀ ਕਾਰਨ ਮੁਲਾਜ਼ਮ ਆਪਣੇ ਪਰਿਵਾਰਾਂ ਨੂੰ ਜ਼ਿਆਦਾ ਸਮਾਂ ਨਹੀਂ ਦੇ ਸਕਦੇ। ਸ੍ਰੀ ਮਾਨ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕੱਠੇ ਮਿਲ ਕੇ ਬੈਠਣ ਅਤੇ ਸਮਾਗਮ ਦਾ ਆਨੰਦ ਮਾਨਣ ਦਾ ਮੌਕਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਸਤੇ 80 ਹਜ਼ਾਰ ਪੁਲਿਸ ਮੁਲਾਜ਼ਮ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੁਲੀਸ ਫੋਰਸ ਦੇ ਨਵੀਨੀਕਰਨ ਤੋਂ ਵਿਗਿਆਨਕ ਲੀਹਾਂ ’ਤੇ ਆਧੁਨਿਕੀਕਰਨ ਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਪੁਲਿਸ ਬਲ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾ ਸ਼ਕਤੀਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਐਕਸ ਗ੍ਰੇਸ਼ੀਆ ਦੇ ਚੈੱਕ ਸੌਂਪੇ। ਉਨ੍ਹਾਂ ਪੀਐੱਫਟੀਏਏ ਦੇ ਮੈਂਬਰਾਂ ਦਾ ਸਨਮਾਨ ਕੀਤਾ ਅਤੇ ਏਡੀਜੀਪੀ ਐੱਮ.ਐੱਫ. ਫਾਰੂਕੀ ਵੱਲੋਂ ਲਿਖਿਆ ਅਤੇ ਮਾਸਟਰ ਸਲੀਮ ਵੱਲੋਂ ਗਾਇਆ ਗੀਤ ‘ਅਰਦਾਸ’ ਜਾਰੀ ਕੀਤਾ।