ਚੰਡੀਗੜ੍ਹ-ਗੰਨੇ ਦੇ ਮੁੱਲ ਵਿੱਚ ਮਾਮੂਲੀ ਵਾਧਾ ਕਰਨ ਲਈ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਅੱਜ ਗੰਨੇ ਦੇ ਭਾਅ ਵਿੱਚ 11 ਰੁਪਏ ਦਾ ਵਾਧਾ ਕਰਕੇ ਇਸ ਨੂੰ 391 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ ਜਦਕਿ ਗੰਨਾ ਉਤਪਾਦਕ ਤੇ ਪੰਜਾਬ ਕਾਂਗਰਸ ਦੋਵੇਂ ਐੱਸਏਪੀ ਵਿੱਚ 20 ਰੁਪਏ ਪ੍ਰਤੀ ਕੁਇੰਟਲ ਵਾਧੇ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ 2021 ’ਚ ਕਾਂਗਰਸ ਸਰਕਾਰ ਨੇ ਗੰਨੇ ਦੇ ਮੁੱਲ ਵਿੱਚ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਸਰਕਾਰ ਨੂੰ ਸ਼ਗਨ ਨਹੀਂ ਦੇਣਾ ਚਾਹੀਦਾ ਬਲਕਿ ਕਿਸਾਨ ਭਾਈਚਾਰੇ ਨੂੰ ਫ਼ਸਲਾਂ ਦੀਆਂ ਕੀਮਤਾਂ ਵਿੱਚ ਉਸਾਰੂ ਵਾਧਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਫ਼ੈਸਲਾ ਸਮੁੱਚੇ ਪੰਜਾਬ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ।