ਅੰਮ੍ਰਿਤਸਰ-ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਪਟੀਸ਼ਨ ’ਤੇ ਜਲਦ ਫ਼ੈਸਲਾ ਕਰਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਕੋਲ ਠੋਸ ਪੈਰਵਾਈ ਕਰਕੇ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਿਪੋਰਟ ਭੇਜਣ ਦੇ ਹੋਏ ਆਦੇਸ਼ਾਂ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਪਣੀ ਪੈਰਵਾਈ ਦੀ ਰਿਪੋਰਟ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਗਈ ਹੈ। ਇਹ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਿੱਤੀ। ਜਾਣਕਾਰੀ ਮੁਤਾਬਕ ਇਸ ਮੌਕੇ ਸਿੰਘ ਸਾਹਿਬ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਰਿਪੋਰਟ ਵਿਚ ਜਾਣਕਾਰੀ ਦਿੱਤੀ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਪੱਤਰ ਰਾਹੀਂ ਦਿੱਲੀ ਕਮੇਟੀ ਨੇ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਦੇ ਧਿਆਨ ਵਿਚ ਲਿਆਂਦਾ ਹੈ ਕਿ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਕੇਂਦਰ ਸਰਕਾਰ ਦੁਆਰਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਹੋਏ ਨੋਟੀਫਿਕੇਸ਼ਨ ਦੇ ਬਾਵਜੂਦ ਵੀ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਸਕੀ। ਇਸ ਸਬੰਧ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਕਮੇਟੀ ਮੈਂਬਰਾਂ, ਵਿਦਵਾਨਾਂ, ਬੁੱਧੀਜੀਵੀਆਂ ਤੇ ਸਿਆਸਤਦਾਨਾਂ ਦੇ ਉੱਚ ਪੱਧਰੀ ਵਫਦ ਨੇ ਦੇਸ਼ ਦੇ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਕੋਲੋਂ ਮੁਲਾਕਾਤ ਦੇ ਲਈ ਸਮਾਂ ਦੇਣ ਦੀ ਮੰਗ ਕੀਤੀ ਹੈ।