ਪਟਿਆਲਾ-ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਮਨਿਸਟਰੀਅਲ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਦੀ ਹਿਮਾਇਤ ਵਿੱਚ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨ ਸਾਂਝਾ ਫਰੰਟ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਭੇਜਦਿਆਂ ਮੰਗ ਕੀਤੀ ਗਈ ਕਿ ਸਰਕਾਰ ਲੱਗਭਗ ਪਿਛਲੇ ਇੱਕ ਮਹੀਨੇ ਤੋਂ ਚੱਲ ਰਹੀ ਹੜਤਾਲ ਨੂੰ ਵੇਖਦੇ ਹੋਏ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਸਾਰੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂਕਿ ਹੜਤਾਲ ਕਾਰਨ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ ਨੂੰ ਰੋਕਿਆ ਜਾ ਸਕੇ।
ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਦਰਸ਼ਨ ਸਿੰਘ ਲੁਬਾਣਾ, ਹਰਦੀਪ ਟੋਡਰਪੁਰ, ਜਸਵੀਰ ਖੋਖਰ, ਸੀਸ਼ਨ ਕੁਮਾਰ ਅਤੇ ਸੰਤ ਰਾਮ ਚੀਮਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ ਸਾਂਝੇ ਫਰੰਟ ਦੇ ਮੰਗ-ਪੱਤਰ ਵਿੱਚ ਦਰਜ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਵਿੱਚ ਪੰਜਾਬ ਸਰਕਾਰ ਪੂਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨਾਂ ਆਖਿਆ ਕਿ ਮਾਣ-ਭੱਤਾ ਵਰਕਰਾਂ ਉੱਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕਰਨ, ਵੱਖ-ਵੱਖ ਕਿਸਮ ਦੇ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ, ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਤਹਿਤ ਪੈਨਸ਼ਨਰਾਂ ਉੱਤੇ 2.59 ਦਾ ਗੁਣਾਂਕ ਲਾਗੂ ਨਾ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ, ਪਰਖ ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਨਾ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਪੰਜਾਬ ਦੇ ਸਕੇਲ ਲਾਗੂ ਨਾ ਕਰਨ, ਬੰਦ ਕੀਤੇ ਗਏ ਪੇਂਡੂ ਤੇ ਬਾਰਡਰ ਏਰੀਆ ਸਮੇਤ ਸਮੁੱਚੇ 37 ਭੱਤੇ 'ਤੇ ਏ.ਸੀ.ਪੀ. ਬਹਾਲ ਨਾ ਕਰਨ, ਮਹਿੰਗਾਈ ਭੱਤੇ ਦੀਆਂ ਰੋਕੀਆਂ ਗਈਆਂ ਕਿਸ਼ਤਾਂ ਅਤੇ ਬਕਾਏ ਜਾਰੀ ਨਾ ਕਰਨ, ਥੋਪਿਆ ਗਿਆ 200 ਰੁਪਏ ਵਿਕਾਸ ਟੈਕਸ ਵਾਪਸ ਨਾ ਲਏ ਜਾਣ, ਠੇਕੇਦਾਰੀ ਤੇ ਆਊਟਸੋਰਸ ਪ੍ਰਣਾਲੀ ਬੰਦ ਨਾ ਕੀਤੇ ਜਾਣ ਦੇ ਵਿਰੋਧ ਵਿੱਚ 'ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਦੀ ਅਗਵਾਈ ਵਿੱਚ 14 ਅਤੇ 15 ਦਸੰਬਰ ਨੂੰ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਸਾਂਝੇ ਫਰੰਟ ਦੇ ਆਗੂਆਂ ਰਾਮ ਚੰਦ ਬਖਸ਼ੀਵਾਲਾ, ਸੂਰਜਪਾਲ ਯਾਦਵ, ਪੁਸ਼ਪਿੰਦਰ ਹਰਪਾਲਪੁਰ, ਰੋਮੀ ਸਫੀਪੁਰ ਅਤੇ ਸ਼ਨੀ ਕੁਮਾਰ ਨੇ ਆਖਿਆ ਕਿ ਸਾਂਝੇ ਫਰੰਟ ਵੱਲੋਂ ਉਲੀਕੇ ਸੰਘਰਸ਼ ਦੀ ਲੜੀ ਤਹਿਤ 14 ਦਸੰਬਰ ਨੂੰ ਪਟਿਆਲਾ ਅਤੇ 15 ਦਸੰਬਰ ਨੂੰ ਸਮਾਣਾ ਵਿਖੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਹਰਿੰਦਰ ਪਟਿਆਲਾ, ਪ੍ਰੀਤਮ ਚੰਦ, ਠਾਕੁਰ ਸ਼ਿਭਚਰਨ, ਹਰਵੀਰ ਸਿੰਘ ਸੁਨਾਮ, ਜਸਪਾਲ ਕੌਰ, ਚਮਕੌਰ ਸਿੰਘ, ਪਰਦੀਪ ਕੁਮਾਰ, ਗੁਰਭਜਨ ਸਿੰਘ ਆਦਿ ਵੀ ਹਾਜ਼ਰ ਸਨ।