Punjab

ਚੇਤਨ ਸਿੰਘ ਜੌੜਾਮਾਜਰਾ ਨੇ ਵੱਖੋ-ਵੱਖ ਹੰਗਾਮੀ ਮੀਟਿੰਗਾਂ ਕੀਤੀਆਂ

  • Punjabi Bulletin
  • Dec 06, 2023
ਚੇਤਨ ਸਿੰਘ ਜੌੜਾਮਾਜਰਾ ਨੇ ਵੱਖੋ-ਵੱਖ ਹੰਗਾਮੀ ਮੀਟਿੰਗਾਂ ਕੀਤੀਆਂ
  • 79 views

ਚੰਡੀਗੜ੍ਹ-ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ’ਤੇ ਰੇਤਾ-ਬਜਰੀ ਮਿਲਣਾ ਯਕੀਨੀ ਬਣਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਸੂਬੇ ਨੂੰ ਪ੍ਰਦੂਸ਼ਣ-ਮੁਕਤ ਕਰਨ ਲਈ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਲਈ ਬੁੱਧਵਾਰ ਨੂੰ ਕਰੱਸ਼ਰ ਮਾਲਕਾਂ, ਮਾਈਨਿੰਗ ਠੇਕੇਦਾਰਾਂ ਅਤੇ ਭੱਠਾ ਮਾਲਕਾਂ ਨਾਲ ਪੰਜਾਬ ਭਵਨ ਵਿਖੇ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵੱਖੋ-ਵੱਖ ਹੰਗਾਮੀ ਮੀਟਿੰਗਾਂ ਕੀਤੀਆਂ ਗਈਆਂ। ਜਾਣਕਾਰੀ ਮੁਤਾਬਕ ਇਸ ਦੌਰਾਨ ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਨੇ ਨਾਲ-ਨਾਲ ਮਾਈਨਿੰਗ ਸੈਕਟਰ ਅੰਦਰ ਪਾਰਦਰਸ਼ਤਾ ਅਤੇ ਨੈਤਿਕ ਅਭਿਆਸਾਂ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ, ਇਸ ਲਈ ਭੱਠਾ ਮਾਲਕ ਅਤੇ ਕਰੱਸ਼ਰ ਮਾਲਕ ਤੇ ਮਾਈਨਿੰਗ ਠੇਕੇਦਾਰ ਸਰਕਾਰ ਦੇ ਇਸ ਕਦਮ ਵਿੱਚ ਭਰਪੂਰ ਸਹਿਯੋਗ ਦੇਣ। ਉਨ੍ਹਾਂ ਭੱਠਾ ਮਾਲਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਪਰਾਲੀ ਦਾ ਨਿਪਟਾਰਾ ਕਰਨਾ ਵੱਡਾ ਮੁੱਦਾ ਹੈ। ਇਸ ਲਈ ਸੂਬੇ ਨੂੰ ਪ੍ਰਦੂਸ਼ਣ-ਮੁਕਤ ਕਰਨ ਦੇ ਉਦਮਾਂ ਤਹਿਤ ਭੱਠਾ ਮਾਲਕ ਘੱਟੋ-ਘੱਟ 20 ਫ਼ੀਸਦੀ ਪਰਾਲੀ ਆਪਣੇ ਭੱਠਿਆਂ ਵਿੱਚ ਵਰਤਣ। ਉਨ੍ਹਾਂ ਕਿਹਾ ਕਿ ਛੇਤੀ ਹੀ ਭਾਈਵਾਲ ਵਿਭਾਗਾਂ ਜਿਵੇਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਵਾਤਾਵਰਣ ਵਿਭਾਗ ਅਤੇ ਭੱਠਾ ਮਾਲਕਾਂ ਨਾਲ ਮੀਟਿੰਗ ਕਰਕੇ ਇਸ ਸਬੰਧੀ ਅਗਲੀ ਕਾਰਵਾਈ ਉਲੀਕੀ ਜਾਵੇਗੀ।  ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਭੱਠਾ ਮਾਲਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ 2 ਹੈਕਟੇਅਰ ਤੱਕ ਮਿੱਟੀ ਪੁੱਟਣ ਦੀ ਇਜਾਜ਼ਤ ਦੇਣ ਦੀ ਰੱਖੀ ਗਈ ਮੁੱਖ ਮੰਗ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਇਸ ਸਬੰਧੀ ਛੇਤੀ ਹੀ ਫ਼ੈਸਲਾ ਲਿਆ ਜਾਵੇਗਾ ਜਿਸ ਨਾਲ ਉਨ੍ਹਾਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ। ਦੱਸ ਦੇਈਏ ਕਿ ਬੀਤੇ ਕੱਲ੍ਹ ਸ. ਚੇਤਨ ਸਿੰਘ ਜੌੜਾਮਾਜਰਾ ਨੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਸੂਬਾ ਵਾਸੀਆਂ ਨੂੰ ਸਸਤੇ ਭਾਅ ’ਤੇ ਰੇਤ-ਬਜਰੀ ਮੁਹੱਈਆ ਕਰਾਉਣ ਲਈ ਨਿਕਾਸੀ ਵਧਾਉਣ ਸਬੰਧੀ ਵਿਉਂਤਬੰਦੀ ਕਰਨ ਲਈ ਕਿਹਾ ਸੀ। ਉਨ੍ਹਾਂ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਵਿੱਚ ਹੋਰ ਸੰਭਾਵਿਤ ਸਾਈਟਾਂ ਨੂੰ ਸ਼ਾਮਲ ਕਰਕੇ ਅਤੇ ਸਾਰੀਆਂ ਮਾਈਨਿੰਗ ਸਾਈਟਾਂ ’ਤੇ ਕਾਰਵਾਈਆਂ ਸ਼ੁਰੂ ਕਰਕੇ ਅਤੇ ਖਣਿਜਾਂ ਦੀ ਨਿਕਾਸੀ ਨੂੰ ਵਧਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਜਿਸ ਨਾਲ ਬਾਜ਼ਾਰ ਵਿੱਚ ਰੇਤ ਤੇ ਬਜਰੀ ਦੀ ਉਪਲਬਧਤਾ ਵਧਣਾ, ਕੀਮਤਾਂ ਘਟਾਉਣ ਵਿੱਚ ਮਦਦ ਮਿਲਣਾ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਕਰੜੇ ਹੱਥੀਂ ਠੱਲ੍ਹ ਪਾਉਣਾ ਯਕੀਨੀ ਬਣੇਗਾ। ਉਨ੍ਹਾਂ ਸਾਰੇ ਜ਼ਿਲ੍ਹਾ ਮਾਈਨਿੰਗ ਅਫ਼ਸਰਾਂ ਨੂੰ ਆਪਣੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣ ਦੀ ਤਾਕੀਦ ਕਰਦਿਆਂ ਕਿਹਾ ਸੀ ਕਿ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। 

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024