ਅੰਮ੍ਰਿਤਸਰ-ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਦੌਰਾਨ ਪ੍ਰਮੁੱਖਤਾ ਨਾਲ ਵਿਚਾਰਿਆ ਗਿਆ। ਜਾਣਕਾਰੀ ਮੁਤਾਬਕ ਇਸ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਆਖਿਆ ਗਿਆ ਕਿ ਜੇਕਰ ਕੇਂਦਰ ਸਰਕਾਰ ਰਾਜੋਆਣਾ ਦੀ ਫਾਂਸੀ ਦੀ ਸਜ਼ਾ 31 ਦਸੰਬਰ ਤਕ ਰੱਦ ਨਹੀਂ ਕਰਦੀ ਤਾਂ ਸ਼੍ਰੋਮਣੀ ਕਮੇਟੀ ਸਜ਼ਾ ਮੁਆਫੀ ਸਬੰਧੀ ਆਪਣੀ ਪਾਈ ਹੋਈ ਅਪੀਲ ’ਤੇ ਵਿਚਾਰ ਕਰੇ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਵਾਸਤੇ ਸਰਕਾਰ ਨਾਲ ਗੱਲਬਾਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਟਿਆਲਾ ਜੇਲ੍ਹ ’ਚ ਬੰਦ ਰਾਜੋਆਣਾ ਨੇ ਆਰੰਭੀ ਭੁੱਖ ਹੜਤਾਲ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਆਖਿਆ ਹੈ ਕਿ ਜਦੋਂ ਤੱਕ ਸ਼੍ਰੋਮਣੀ ਕਮੇਟੀ ਰਹਿਮ ਦੀ ਅਪੀਲ ਸਬੰਧੀ ਪਟੀਸ਼ਨ ਵਾਪਸ ਨਹੀ ਲੈਂਦੀ ਭੁੱਖ ਹੜਤਾਲ ਜਾਰੀ ਰਹੇਗੀ। ਇਹ ਪੱਤਰ ਮਿਲਣ ਮਗਰੋਂ ਹੀ ਜਥੇਦਾਰ ਰਘਬੀਰ ਸਿੰਘ ਨੇ ਅੱਜ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸੱਦੀ ਸੀ। ਇਸ ਇਕੱਤਰਤਾ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਸ਼ਾਮਲ ਹੋਏ।