ਚੰਡੀਗੜ੍ਹ-ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖ਼ਤ ਸਾਹਿਬ ਸਨਮੁੱਖ ਮੰਗੀ ਗਈ ਮੁਆਫ਼ੀ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿਆਸੀ ਡਰਾਮੇਬਾਜ਼ੀ ਦੱਸਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਕਿਹਾ ਕਿ ਸਿੱਖ ਪੰਥ ਬਾਦਲ ਪਰਿਵਾਰ ਨੂੰ ਪੰਥਕ ਸਿਧਾਤਾਂ, ਪ੍ਰੰਪਰਾਵਾਂ ਤੇ ਸੰਸਥਾਵਾਂ ਦੇ ਕੀਤੇ ਘਾਣ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕਰਨ ਵਰਗੇ ਬੱਜਰ ਗੁਨਾਹਾਂ ਲਈ ਕਦੇ ਮੁਆਫ਼ ਨਹੀਂ ਕਰੇਗਾ। ਸ੍ਰੀ ਬਾਜਵਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਅੱਜ ਮੁਆਫ਼ੀ ਮੰਗਣ ਦਾ ਢੋਂਗ ਇਸ ਲਈ ਕਰਨਾ ਪਿਆ ਕਿਉਂਕਿ ਭਾਜਪਾ ਨੇ ਅਕਾਲੀ ਦਲ ਨਾਲ ਮੁੜ ਸਿਆਸੀ ਗੱਠਜੋੜ ਕਰਨ ਲਈ ਇਹ ਸ਼ਰਤ ਰੱਖੀ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਆ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨਾਲ ਕਿਸੇ ਵੀ ਸ਼ਰਤ ’ਤੇ ਮੁੜ ਗੱਠਜੋੜ ਕਰਨ ਲਈ ਬੜੇ ਚਿਰ ਤੋਂ ਯਤਨਸ਼ੀਲ ਹਨ ਜਿਸ ਕਰਕੇ ਹੀ ਇਹ ਸ਼ਰਤ ਮੰਨੀ ਗਈ ਹੈ। ਉਨ੍ਹਾਂ ਕਿਹਾ, ‘ਅੱਜ ਦੀ ਇਹ ਕਾਰਵਾਈ ਅਕਾਲੀ-ਭਾਜਪਾ ਗੱਠਜੋੜ ਦੀ ਪਹਿਲੀ ਕੜੀ ਹੈ। ਇਸ ਤੋਂ ਬਾਅਦ ਅਕਾਲੀ ਦਲ ਤੋਂ ਵੱਖ ਹੋਏ ਆਗੂ ਮੁੜ ਆਪਣੀ ਪੁਰਾਣੀ ਪਾਰਟੀ ’ਚ ਸ਼ਾਮਲ ਹੋਣਗੇ ਅਤੇ ਅੰਤ ਵਿੱਚ ਅਕਾਲੀ-ਭਾਜਪਾ ਗੱਠਜੋੜ ਹੋਵੇਗਾ।’ ਕਾਂਗਰਸੀ ਆਗੂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ।