ਚੰਡੀਗੜ੍ਹ-ਕੱਲ੍ਹ ਨੂੰ ਬਠਿੰਡਾ ਵਿੱਚ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ਹੋਣ ਜਾ ਰਹੀ ਹੈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਿਰਕਤ ਕਰਨਗੇ। ਇਸ ਮੌਕੇ ਦੋਵੇਂ ਆਗੂ ਬਠਿੰਡਾ ਲਈ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਪਾਰਟੀ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦਿੱਤੀ। ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਵਿਕਾਸ ਕ੍ਰਾਂਤੀ ਰੈਲੀ ਸੂਬੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਹੁਲਾਰਾ ਦੇਣ ਲਈ ਕੰਮ ਕਰ ਰਹੀ ਹੈ। ਕੰਗ ਨੇ ਦੱਸਿਆ ਕਿ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਬਠਿੰਡਾ ਵਿੱਚ ਨਵੇਂ ਬੱਸ ਸਟੈਂਡ, ਮਲਟੀਪਰਪਜ਼ ਆਡੀਟੋਰੀਅਮ ਅਤੇ 50 ਬਿਸਤਰਿਆਂ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ। ਉਹ ਬਠਿੰਡਾ ਦੇ ਦਿਹਾਤੀ ਖੇਤਰਾਂ ਲਈ ਸੀਵਰੇਜ ਅਤੇ ਸੜਕਾਂ ਨਾਲ ਸਬੰਧਤ ਕੰਮਾਂ ਦਾ ਨੀਂਹ ਪੱਥਰ ਵੀ ਰੱਖਣਗੇ। ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ ਆਸਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਉਨ੍ਹਾਂ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਅਤੇ ਪੰਜਾਬ ਦੀ ਤਰੱਕੀ ਲਈ ’ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇਨਕਲਾਬੀ ਏਜੰਡੇ ਨੂੰ ਲਾਗੂ ਕਰ ਰਹੀ ਹੈ।