Punjab

ਮਾਮਲਾ ਬੰਦੀ ਸਿੰਘਾਂ ਦੀ ਰਿਹਾਈ: ਗਿਆਨੀ ਰਘਬੀਰ ਸਿੰਘ ਦੇ ਦਖ਼ਲ ਮਗਰੋਂ ਪੰਜ ਮੈਂਬਰੀ ਕਮੇਟੀ ਦੇ ਵਖਰੇਵੇਂ ਦੂਰ

  • Punjabi Bulletin
  • Dec 20, 2023
ਮਾਮਲਾ ਬੰਦੀ ਸਿੰਘਾਂ ਦੀ ਰਿਹਾਈ: ਗਿਆਨੀ ਰਘਬੀਰ ਸਿੰਘ ਦੇ ਦਖ਼ਲ ਮਗਰੋਂ ਪੰਜ ਮੈਂਬਰੀ ਕਮੇਟੀ ਦੇ ਵਖਰੇਵੇਂ ਦੂਰ
  • 82 views

ਅੰਮ੍ਰਿਤਸਰ-ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਵਾਉਣ ਦੇ ਮਾਮਲੇ ਨੂੰ ਸਰਕਾਰ ਨਾਲ ਅਗਾਂਹ ਤੋਰਨ ਵਾਸਤੇ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਿੱਚ ਪੈਦਾ ਹੋਏ ਵਖਰੇਵੇਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਦਖ਼ਲ ਮਗਰੋਂ ਦੂਰ ਹੋ ਗਏ ਹਨ। ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੋਹਾਂ ਨੂੰ ਪੱਤਰ ਲਿਖ ਕੇ ਆਪਣੇ ਵਖਰੇਵੇਂ ਦੂਰ ਕਰਨ ਅਤੇ ਕਮੇਟੀ ਦੇ ਗਠਨ ਦੇ ਮੰਤਵ ’ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਜ਼ਿਕਰਯੋਗ ਹੈ ਕਿ ਇਸ ਕਮੇਟੀ ਦੇ ਮੈਂਬਰਾਂ ਵਿੱਚ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਹੀ ਆਪਸੀ ਵਖਰੇਵੇਂ ਉੱਭਰੇ ਸਨ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੋਹਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਸਨ, ਜਿਨ੍ਹਾਂ ਵਿੱਚ ਉਨ੍ਹਾਂ ਵੱਲੋਂ ਇੱਕ-ਦੂਜੇ ਖਿਲਾਫ਼ ਦੋਸ਼ ਲਾਏ ਗਏ ਸਨ। ਕਮੇਟੀ ਮੈਂਬਰਾਂ ਦਾ ਇਹ ਮਾਮਲਾ ਜਨਤਕ ਹੋਣ ਮਗਰੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਦੋਹਾਂ ਮੈਂਬਰਾਂ ਨਾਲ ਗੱਲਬਾਤ ਕਰ ਕੇ ਇਸ ਮਾਮਲੇ ਨੂੰ ਸ਼ਾਂਤ ਕੀਤਾ ਗਿਆ। ਇਸ ਦੀ ਪੁਸ਼ਟੀ ਕਰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਸ੍ਰੀ ਕਾਲਕਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਫੋਨ ਆਇਆ ਸੀ ਅਤੇ ਪੱਤਰ ਵੀ ਭੇਜਿਆ ਗਿਆ ਸੀ। ਇਸੇ ਤਰ੍ਹਾਂ ਦਾ ਪੱਤਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਵੀ ਭੇਜਿਆ ਗਿਆ। ਉਨ੍ਹਾਂ ਜਥੇਦਾਰ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਪੰਥ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਸੀ ਵਖਰੇਵੇਂ ਦੂਰ ਰੱਖੇ ਜਾਣਗੇ।  ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਦਾ ਕੰਮ ਮੁੜ ਲੀਹ ’ਤੇ ਆ ਗਿਆ ਹੈ।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024