ਚੰਡੀਗੜ੍ਹ-ਪੰਜਾਬ ਭਰ ਵਿੱਚ ਕਾਂਗਰਸ ਪਾਰਟੀ ਨੇ ਸੰਸਦ ਮੈਂਬਰਾਂ ਦੀ ਮੁਅੱਤਲੀ ’ਤੇ ਆਪਣਾ ਇਤਰਾਜ਼ ਦਾਇਰ ਕਰਨ ਲਈ ਰੋਸ ਪ੍ਰਦਰਸ਼ਨ ਕੀਤੇ। ਜਾਣਕਾਰੀ ਮੁਤਾਬਕ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ। ਸੂਬੇ ਵਿੱਚ ਅੱਜ 29 ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਕਪੂਰਥਾਲਾ ਵਿੱਚ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਆਪਣੇ-ਆਪ ਵਿੱਚ ਵਿਸ਼ਵ ਪੱਧਰ ’ਤੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣਿਆ ਜਾਂਦਾ ਹੈ ਪਰ ਇਹ ਦਾਅਵਾ ਸਿਰਫ਼ ਕਾਗ਼ਜ਼ਾਂ ਵਿੱਚ ਹੀ ਜਾਪਦਾ ਹੈ, ਕਿਉਂਕਿ ਠੋਸ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਸੰਸਦ ਜਿੱਥੇ ਕਿ ਸੰਸਦ ਮੈਂਬਰ ਭਾਰਤੀ ਲੋਕਤੰਤਰ ਦੇ ਅਸਲ ਸਰੂਪ ਨੂੰ ਉਜਾਗਰ ਕਰਦੇ ਹਨ, ਵਿੱਚ ਵਿਚਾਰਾਂ ਤੇ ਆਲੋਚਨਾ ਦੇ ਪ੍ਰਗਟਾਵੇ ਨੂੰ ਦਬਾਇਆ ਜਾਂਦਾ ਹੈ। ਜ਼ਿਲ੍ਹਾ ਪੱਧਰ ’ਤੇ ਕਈ ਆਗੂਆਂ ਨੇ ਕਿਹਾ ਕਿ ਭਾਜਪਾ ਦੀਆਂ ਕਾਰਵਾਈਆਂ ਨਾਲ ਲੋਕਤੰਤਰ ਨੂੰ ਭਾਰੀ ਸੱਟ ਵੱਜੀ ਹੈ। ਸ੍ਰੀ ਵੜਿੰਗ ਨੇ ਕਿਹਾ ਕਿ ਸੰਸਦ ਮੈਂਬਰਾਂ ਦੀ ਇਸ ਮੁਅੱਤਲੀ ਦਾ ਮਕਸਦ ਵਿਰੋਧੀ ਧਿਰ ਦੇ ਕਿਸੇ ਵੀ ਭਾਸ਼ਣ ਜਾਂ ਬਹਿਸ ਤੋਂ ਬਿਨਾਂ ਸਖ਼ਤ ਬਿੱਲਾਂ ਨੂੰ ਲਾਗੂ ਕਰਨ ਲਈ ਰਾਹ ਪੱਧਰਾ ਕਰਨਾ ਹੈ। ਉਨ੍ਹਾਂ ਸੰਸਦ ਵਿੱਚ ਸੁਰੱਖਿਆ ’ਚ ਸੰਨ੍ਹ ਲੱਗਣ ਦੇ ਸਬੰਧ ਵਿੱਚ ਜਵਾਬ ਮੰਗਣ ਲਈ 146 ਤੋਂ ਵੱਧ ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਇਸ ਸਬੰਧੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਤਾਨਾਸ਼ਾਹੀ ਦਾ ਡੱਟ ਕੇ ਵਿਰੋਧ ਕਰੇਗੀ।