ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੰਬਈ ’ਚ ਚਲਾਏ ਜਾ ਰਹੇ ਗੁਰੂ ਨਾਨਕ ਖਾਲਸਾ ਕਾਲਜ ਮਾਟੁੰਗਾ ਵਿਖੇ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਦੇ ਯਤਨਾਂ ਨਾਲ ਹੋਏ ਇਸ ਸਮਾਗਮ ਦੌਰਾਨ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਆਪਣੇ ਵਿਚਾਰ ਸਾਂਝੇ ਕੀਤੇ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿਥੇ ਸਾਹਿਬਜ਼ਾਦਿਆਂ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ, ਉਥੇ ਹੀ ਸੰਗਤ ਨੂੰ ਸਿੱਖ ਸਿਧਾਂਤਾਂ, ਇਤਿਹਾਸ ਅਤੇ ਰਹਿਤ ਮਰਯਾਦਾ ਦੀ ਪਾਲਣਾ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਨਵੇਕਲੀਆਂ ਪੈੜਾਂ ਸਿਰਜ ਕੇ ਸਿੱਖ ਕੌਮ ਦਾ ਨਾਂ ਪੂਰੀ ਦੁਨੀਆਂ ਅੰਦਰ ਰੌਸ਼ਨ ਕੀਤਾ। ਇਤਿਹਾਸ ਦੇ ਇਨ੍ਹਾਂ ਪੰਨਿਆਂ ਦਾ ਹੋਰ ਕਿਧਰੇ ਵੀ ਕੋਈ ਮੁਕਾਬਲਾ ਨਹੀਂ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਪੂਰੀ ਸਿੱਖ ਕੌਮ ਲਈ ਪ੍ਰੇਰਣਾ ਸਰੋਤ ਹੈ, ਜਿਸ ਤੋਂ ਧਰਮ ਅਤੇ ਹੱਕ ਸੱਚ ਖਾਤਰ ਹਮੇਸ਼ਾ ਤਤਪਰ ਰਹਿਣ ਦੀ ਸੇਧ ਮਿਲਦੀ ਹੈ। ਉਨ੍ਹਾਂ ਸਿੱਖ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਇਤਿਹਾਸ ਦੇ ਇਹ ਪੰਨੇ ਆਪਣੇ ਚੇਤਿਆਂ ਵਿਚ ਵਸਾ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਸਦਾ ਤਤਪਰ ਰਹਿਣ। ਉਨ੍ਹਾਂ ਗੁਰੂ ਨਾਨਕ ਖਾਲਸਾ ਕਾਲਜ ਦੇ ਚੇਅਰਮੈਨ ਸ. ਗੁਰਿੰਦਰ ਸਿੰਘ ਬਾਵਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਮੁੰਬਈ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਤੋਂ ਪਹਿਲਾਂ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ, ਜਦਕਿ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸਾਹਿਬਜ਼ਾਦਿਆਂ ਦੇ ਨਾਂ ’ਤੇ ਡਾਇਗਨੋਸਟਿਕ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਵਿਚ ਮਰੀਜ਼ਾਂ ਨੂੰ ਐਮਆਰਆਈ ਅਤੇ ਸੀਟੀ ਸਕੈਨ ਦੀ ਸਹੂਲਤ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।
ਸਮਾਗਮ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ, ਗਿਆਨੀ ਗੁਰਸਾਹਿਬ ਸਿੰਘ, ਸ. ਗੁਰਿੰਦਰ ਸਿੰਘ ਬਾਵਾ, ਯੂਨਾਈਟਿੰਡ ਸਿੰਘ ਸਭਾ ਫਾਊਂਡੇਸ਼ਨ ਦੇ ਪ੍ਰਧਾਨ ਸ. ਰਾਮ ਸਿੰਘ ਰਾਠੌਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਵੰਤ ਸਿੰਘ ਮੰਨਣ, ਬੀਬੀ ਕਿਰਨਜੋਤ ਕੌਰ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ. ਇੰਦਰਬੀਰ ਸਿੰਘ ਨਿੱਝਰ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਮਾਜਸੇਵੀ ਸ. ਸਤਨਾਮ ਸਿੰਘ ਸਲੂਜਾ, ਸ. ਹਰਮੀਤ ਸਿੰਘ ਸਲੂਜਾ, ਸ. ਜਗਜੀਤ ਸਿੰਘ, ਸ. ਸਵਿੰਦਰ ਸਿੰਘ ਕੱਥੂਨੰਗਲ, ਸ. ਸੁਖਜਿੰਦਰ ਸਿੰਘ ਪ੍ਰਿੰਸ, ਸ. ਸੰਤੋਖ ਸਿੰਘ ਸੇਠੀ, ਸ. ਪਰਮਜੀਤ ਸਿੰਘ ਖਾਲਸਾ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਬੀਬੀ ਵਿਪਨਪ੍ਰੀਤ ਕੌਰ, ਬੀਬੀ ਪਰਮਜੀਤ ਕੌਰ ਪਿੰਕੀ, ਬਾਬਾ ਤੇਜਿੰਦਰ ਸਿੰਘ ਨਾਨਕਸਰ ਕਲੇਰਾਂ, ਸ. ਜਗਜੋਤ ਸਿੰਘ ਸੋਹੀ, ਸ. ਵਿਜੈ ਸਤਬੀਰ ਸਿੰਘ, ਸੁਆਮੀ ਸਤਪ੍ਰੀਤ ਹਰੀ ਨਿਰਮਲੇ, ਸ. ਵਿਕਰਮਜੀਤ ਸਿੰਘ ਸਾਹਨੀ, ਸ. ਗੁਰਮੀਤ ਸਿੰਘ ਸ਼ੰਟੀ, ਸ. ਸਤਨਾਮ ਸਿੰਘ ਆਹਲੂਵਾਲੀਆ, ਭਾਈ ਗੁਰਮੀਤ ਸਿੰਘ ਸ੍ਰੀ ਹਜ਼ੂਰ ਸਾਹਿਬ ਆਦਿ ਹਾਜ਼ਰ ਸਨ।