Punjab

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਤੇ ਗੋਲੀ ਚਲਾਉਣ ਦੀ ਘਟਨਾ ਲਈ ਜਾਂਚ ਕਮੇਟੀ ਨੇ ਮੁੱਖ ਮੰਤਰੀ ਨੂੰ ਠਹਿਰਾਇਆ ਜੁੰਮੇਵਾਰ

  • Punjabi Bulletin
  • Jan 09, 2024
ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਤੇ ਗੋਲੀ ਚਲਾਉਣ ਦੀ ਘਟਨਾ ਲਈ ਜਾਂਚ ਕਮੇਟੀ ਨੇ ਮੁੱਖ ਮੰਤਰੀ ਨੂੰ ਠਹਿਰਾਇਆ ਜੁੰਮੇਵਾਰ
  • 115 views
ਅੰਮ੍ਰਿਤਸਰ-ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦਿਨੀਂ ਵਾਪਰੇ ਗੋਲੀ ਕਾਂਡ ਅਤੇ ਮਰਯਾਦਾ ਦੇ ਨਿਰਾਦਰ ਦੀ ਘਟਨਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਗਠਤ ਕੀਤੀ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿਚ ਸਿੱਧੇ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਜੁੰੰਮੇਵਾਰ ਠਹਿਰਾਇਆ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਾਂਚ ਰਿਪੋਰਟ ਜਨਤਕ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜਿਨ੍ਹਾਂ ਦਾ ਪਾਸ ਗ੍ਰਹਿ ਵਿਭਾਗ ਵੀ ਹੈ, ਪੜਤਾਲੀਆ ਰਿਪੋਰਟ ਅਨੁਸਾਰ ਸਾਰੇ ਮਾਮਲੇ ਦੇ ਮੁੱਖ ਦੋਸ਼ੀ ਬਣਦੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦੀ ਘਟਨਾ ਬਾਰੇ ਮੁਕੰਮਲ ਰਿਪੋਰਟ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤੇ ਗਏ ਸਨ, ਜਿਸ ਅਨੁਸਾਰ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਠਤ ਕੀਤੀ ਗਈ ਜਾਂਚ ਕਮੇਟੀ ਵਿਚ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਕੁਲਵੰਤ ਸਿੰਘ ਮੰਨਣ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ ਅਤੇ ਸ. ਗੁਰਿੰਦਰ ਸਿੰਘ ਮਥਰੇਵਾਲ ਵਧੀਕ ਸਕੱਤਰ (ਕੋਆਰਡੀਨੇਟਰ) ਸ਼ਾਮਲ ਸਨ। ਇਸ ਕਮੇਟੀ ਨੇ ਆਪਣੀ ਜਾਂਚ ਦੌਰਾਨ ਚਮਸ਼ਮਦੀਦ ਗਵਾਹਾਂ, ਨਿਹੰਗ ਜਥੇਬੰਦੀਆਂ ਦੇ ਮੁਖੀਆਂ, ਮੀਡੀਆ ਕਰਮੀਆਂ, ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਪ੍ਰਤੱਖ ਦਰਸ਼ੀਆਂ ਦੇ ਬਿਆਨ ਕਲਮਬੰਦ ਕੀਤੇ ਹਨ। ਬਿਆਨਾਂ ਤੋਂ ਸਾਹਮਣੇ ਆਇਆ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਗੋਲੀ ਚਲਾਉਣ ਦੀ ਕੋਈ ਲੋੜ ਨਹੀਂ ਸੀ ਅਤੇ ਗੋਲੀ ਚਲਾਉਣ ਤੋਂ ਪਹਿਲਾਂ ਕੋਈ ਵੀ ਵਾਰਨਿੰਗ ਨਹੀਂ ਦਿੱਤੀ ਗਈ। ਪੁਲਿਸ ਨੇ ਕੇਵਲ ਇਕਤਰਫ਼ਾ ਹੀ ਗੋਲੀਆਂ ਚਲਾਈਆਂ, ਜਦਕਿ ਗੁਰਦੁਆਰਾ ਸਾਹਿਬ ਦੇ ਅੰਦਰ ਕਿਸੇ ਕਿਸਮ ਦੇ ਜੁਲਮ ਜਾਂ ਝਗੜੇ ਦੇ ਸੰਕੇਤ ਨਹੀਂ ਮਿਲਦੇ। ਗੁਰਦੁਆਰਾ ਸਾਹਿਬ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਚੱਲ ਰਿਹਾ ਸੀ, ਜਿਥੇ ਗੋਲੀਬਾਰੀ, ਅੱਥਰੂ ਗੈਸ ਅਤੇ ਗੁਰਦੁਆਰਾ ਸਾਹਿਬ ਅੰਦਰ ਜੁੱਤੀਆਂ ਸਮੇਤ ਪੁਲਿਸ ਦਾਖਲੇ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੀ ਮਰਯਾਦਾ ਭੰਗ ਕੀਤੀ ਗਈ। ਦੋ ਧੜਿਆਂ ਦੇ ਆਪਸੀ ਤਤਕਾਰ ਨੂੰ ਮਿਲ ਬੈਠ ਕੇ ਸੁਲਝਾਉਣ ਦੀ ਵੀ ਕੋਈ ਕੋਸ਼ਿਸ਼ ਨਹੀਂ ਹੋਈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੋਂ ਪਹਿਲਾਂ ਮਿੱਥੇ ਟੀਚੇ ਅਨੁਸਾਰ ਪੁਲਿਸ ਨੇ ਕਾਰਵਾਈ ਕੀਤੀ। ਜਦੋਂ ਗੁਰੂ ਘਰ ਅੰਦਰੋਂ ਕਿਸੇ ਕਿਸਮ ਦੇ ਝਗੜੇ ਦੀ ਗੱਲ ਨਹੀਂ ਸੀ, ਤਾਂ ਤਾਬੜਤੋੜ ਗੋਲੀਆਂ ਚਲਾਉਣੀਆਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣੇ ਕਿਸੇ ਤਰ੍ਹਾਂ ਜਾਇਜ਼ ਨਹੀਂ ਹਨ। ਉਨ੍ਹਾਂ ਦੱਸਿਆ ਕਿ ਸਾਰੇ ਮਾਮਲੇ ਸਬੰਧੀ ਜਾਂਚ ਕਮੇਟੀ ਨੂੰ ਪ੍ਰਾਪਤ ਹੋਏ ਬਿਆਨਾਂ ਅਤੇ ਮਿਲੇ ਵੀਡੀਓ ਦਸਤਾਵੇਜ਼ਾਂ ਤੋਂ ਸਾਫ਼ ਪਤਾ ਲੱਗ ਰਿਹਾ ਹੈ ਕਿ ਪੁਲਿਸ ਨੇ ਇਕ ਹਜ਼ਾਰ ਤੋਂ ਵੱਧ ਗੋਲੀਆਂ ਚਲਾਈਆਂ। ਇਸ ਸਬੰਧ ਵਿਚ ਦੋਸ਼ੀ ਪੁਲਿਸ ਵਾਲਿਆਂ ’ਤੇ ਕਾਰਵਾਈ ਦੀ ਥਾਂ ਉਲਟਾ ਨਿਹੰਗ ਸਿੰਘਾਂ ’ਤੇ ਪਰਚੇ ਦਰਜ ਕਰ ਦਿੱਤੇ ਗਏ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਾਂਚ ਰਿਪੋਰਟ ਸਪੱਸ਼ਟ ਕਰਦੀ ਹੈ ਕਿ ਸਰਕਾਰੀ ਅਧਿਕਾਰੀ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੇ ਹਨ। ਇਸ ’ਤੇ ਚੱਲਦਿਆਂ ਹੀ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਕਪੂਰਥਲਾ ਨੇ ਜਾਂਚ ਵਿਚ ਕੋਈ ਸਹਿਯੋਗ ਨਹੀਂ ਕੀਤਾ। ਇਨ੍ਹਾਂ ਦੋਹਾਂ ਅਧਿਕਾਰੀਆਂ ਨੂੰ ਜਾਂਚ ਕਮੇਟੀ ਵੱਲੋਂ ਲਿਖਤੀ ਤੌਰ ’ਤੇ 23 ਸਵਾਲ ਭੇਜੇ ਗਏ ਸਨ, ਪਰ ਇਨ੍ਹਾਂ ਨੇ ਸਰਕਾਰ ਦੀ ਮਨਸ਼ਾ ਅਨੁਸਾਰ ਜਵਾਬ ਦੇਣ ਦੀ ਲੋੜ ਨਹੀਂ ਸਮਝੀ। ਉਨ੍ਹਾਂ ਕਿਹਾ ਕਿ ਇਹ ਜਾਂਚ ਕਮੇਟੀ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸੀ, ਇਸ ਲਈ ਰਿਪੋਰਟ ਕਾਰਵਾਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜੀ ਗਈ ਹੈ। ਉਨ੍ਹਾਂ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਇਸ ਮਾਮਲੇ ’ਤੇ ਬਣਦੀ ਕਾਰਵਾਈ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਆਦਿ ਹਾਜ਼ਰ ਸਨ।
Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024