Punjab

ਗਣਤੰਤਰ ਦਿਵਸ ਪਰੇਡ ’ਚੋਂ ਕੱਢੀ ਝਾਕੀ ਪੰਜਾਬ ਦੇ ਹਰ ਗਲੀ-ਮੁਹੱਲੇ ’ਚ ਜਾਵੇਗੀ

  • Punjabi Bulletin
  • Jan 09, 2024
ਗਣਤੰਤਰ ਦਿਵਸ ਪਰੇਡ ’ਚੋਂ ਕੱਢੀ ਝਾਕੀ ਪੰਜਾਬ ਦੇ ਹਰ ਗਲੀ-ਮੁਹੱਲੇ ’ਚ ਜਾਵੇਗੀ
  • 162 views

ਚੰਡੀਗੜ੍ਹ-ਪੰਜਾਬੀ ਦੀ ਝਾਕੀ ਜੋ ਕਿ ਕੇਂਦਰ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ’ਚੋਂ ਆਊਟ ਕੀਤੀ ਗਈ ਹੁਣ ਆਗਾਮੀ ਲੋਕ ਸਭਾ ਚੋਣਾਂ ਤੱਕ ਸੂਬੇ ਦੇ ਹਰ ਗਲੀ-ਮੁਹੱਲੇ ਵਿੱਚ ਜਾਵੇਗੀ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ 26 ਜਨਵਰੀ ਤੋਂ ਕੇਂਦਰੀ ਵਿਤਕਰੇ ਦੀ ਮੂੰਹ ਬੋਲਦੀ ਤਸਵੀਰ ਸੂਬੇ ਦੇ ਲੋਕਾਂ ਦੇ ਸਨਮੁੱਖ ਰੱਖੀ ਜਾਵੇਗੀ। ਮੁੱਢਲੇ ਪੜਾਅ ’ਤੇ 9 ਝਾਕੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ 26 ਜਨਵਰੀ ਤੋਂ ਮਗਰੋਂ ਇਨ੍ਹਾਂ ਦੀ ਗਿਣਤੀ ’ਚ ਲਗਾਤਾਰ ਇਜ਼ਾਫਾ ਹੋਵੇਗਾ। ਵੇਰਵਿਆਂ ਅਨੁਸਾਰ ‘ਆਪ’ ਸਰਕਾਰ ਨੇ ਬਕਾਇਦਾ ਟਰੈਕਟਰ ਤਿਆਰ ਕੀਤੇ ਹਨ ਜਿਨ੍ਹਾਂ ’ਤੇ ਝਾਕੀ ਸਜਾਈ ਜਾਵੇਗੀ। ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਦੇ ਹਰ ਪਿੰਡ ਤੱਕ ਇਹ ਝਾਕੀ ਲਿਜਾਈ ਜਾਣੀ ਹੈ। ਇੱਕ ਅਹਿਮ ਅਧਿਕਾਰੀ ਨੇ ਦੱਸਿਆ ਕਿ ਝਾਕੀ ਪਿੰਡਾਂ ਵਿਚ ਲਿਜਾਣ ਦਾ ਇੱਕੋ ਮਕਸਦ ਹੈ ਕਿ ਪੰਜਾਬੀਆਂ ਨੂੰ ਦੱਸਿਆ ਜਾ ਸਕੇ ਕਿ ਕੇਂਦਰ ਸਰਕਾਰ ਨੇ ਆਜ਼ਾਦੀ ਲਈ ਜਾਨਾਂ ਵਾਰਨ ਵਾਲਿਆਂ ਨੂੰ ਸ਼ਹੀਦ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰ ਨਾਲੋਂ ਨਾਲ ਆਡੀਓ ਵੀ ਤਿਆਰ ਕਰ ਰਹੀ ਹੈ। ਹਰ ਪਿੰਡ ਵਿਚ ਝਾਕੀ ਦਾ 10 ਤੋਂ 15 ਮਿੰਟ ਦਾ ਠਹਿਰਾਓ ਹੋਵੇਗਾ। ਇਹ ਵੀ ਪਤਾ ਲੱਗਾ ਹੈ ਕਿ ਇੱਕ ਝਾਕੀ ਦਿੱਲੀ ਵਿਖੇ ਪੰਜਾਬ ਭਵਨ ਵਿਚ ਸੁਸ਼ੋਭਿਤ ਕੀਤੀ ਜਾਵੇਗੀ। ਦਿੱਲੀ ਦੇ ‘ਆਪ’ ਵਿਧਾਇਕਾਂ ਨੂੰ ਇਸ ਝਾਕੀ ਨੂੰ ਪੰਜਾਬੀ ਇਲਾਕਿਆਂ ਵਿਚ ਲਿਜਾਣ ਦੀ ਖੁੱਲ੍ਹ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ਵਾਸਤੇ ‘ਪੰਜਾਬ-ਸ਼ਹੀਦਾਂ ਅਤੇ ਕੁਰਬਾਨੀਆਂ ਦੀ ਗਾਥਾ’, ‘ਨਾਰੀ ਸ਼ਕਤੀ’ (ਮਾਈ ਭਾਗੋ-ਪਹਿਲੀ ਮਹਾਨ ਸਿੱਖ ਜੰਗਜੂ ਬੀਬੀ) ਅਤੇ ‘ਪੰਜਾਬ ਦੇ ਅਮੀਰ ਸੱਭਿਆਚਾਰ ਦੀ ਪੇਸ਼ਕਾਰੀ’ ਵਿਸ਼ਿਆਂ ਨੂੰ ਝਾਕੀਆਂ ਲਈ ਭੇਜਿਆ ਗਿਆ ਸੀ।


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024