ਐੱਸਏਐੱਸ ਨਗਰ-ਭਾਰਤ ਅਤੇ ਅਫ਼ਗ਼ਾਨਿਸਤਾਨ ਦਰਮਿਆਨ ਟੀ-20 ਦੇ ਤਿੰਨ ਮੈਚਾਂ ਦੀ ਲੜੀ ਦੇ ਮੁਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਪਹਿਲੇ ਮੈਚ ਵਿਚ ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਛੇ ਵਿਕਟਾਂ ਨਾਲ ਹਰਾ ਕੇ ਜੇਤੂ ਸ਼ੁਰੂਆਤ ਕੀਤੀ। ਸ਼ਿਵਮ ਦੂਬੇ ਵੱਲੋਂ 40 ਗੇਂਦਾਂ ਵਿੱਚ ਦੋ ਛੱਕਿਆਂ ਅਤੇ ਪੰਜ ਚੌਕਿਆਂ ਦੀ ਮਦਦ ਨਾਲ 60 ਦੌੜਾਂ ਦੀ ਖੇਡੀ ਗਈ ਨਾਬਾਦ ਪਾਰੀ ਸਦਕਾ ਭਾਰਤੀ ਟੀਮ ਨੇ ਇਹ ਜਿੱਤ ਦਰਜ ਕੀਤੀ। ਅਫ਼ਗ਼ਾਨਿਸਤਾਨ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ ਪੰਜ ਵਿਕਟਾਂ ਗੁਆ ਕੇ 158 ਦੌੜਾਂ ਬਣਾਈਆਂ। ਜਵਾਬ ਵਿੱਚ ਭਾਰਤੀ ਟੀਮ ਨੇ 17.3 ਓਵਰਾਂ ਵਿੱਚ 4 ਵਿਕਟਾਂ ਪਿੱਛੇ 159 ਦੌੜਾਂ ਬਣਾ ਕੇ ਮੈਚ ਨੂੰ ਆਪਣੇ ਨਾਮ ਕਰਾਇਆ। ਕੜਾਕੇ ਦੀ ਠੰਢ ਅਤੇ ਧੁੰਦ ਦੇ ਬਾਵਜੂਦ 26 ਹਜ਼ਾਰ ਦੇ ਕਰੀਬ ਦਰਸ਼ਕਾਂ ਦੀ ਸਮਰੱਥਾ ਵਾਲੇ ਸਟੇਡੀਅਮ ਵਿੱਚ ਕ੍ਰਿਕਟ ਮੈਚ ਦਾ 26 ਹਜ਼ਾਰ ਤੋਂ ਵੱਧ ਦਰਸ਼ਕਾਂ ਨੇ ਆਨੰਦ ਮਾਣਿਆ।