ਚੰਡੀਗੜ੍ਹ-ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਹੱਤਿਆ ਦੇ ਮਾਮਲੇ ’ਤੇ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਸਬੰਧੀ ਪੰਜਾਬ ਸਰਕਾਰ ਤੋਂ 20 ਜਨਵਰੀ ਤੱਕ ਰਿਪੋਰਟ ਮੰਗ ਲਈ ਹੈ। ਇਸ ਸਬੰਧੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਪ੍ਰੋ. ਸ਼ਾਮ ਸਿੰਘ ਤੇ ਜਨਰਲ ਸਕੱਤਰ ਖੁਸ਼ਹਾਲ ਸਿੰਘ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਪੱਤਰ ਲਿਖਿਆ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਦੇ ਅੰਡਰ ਸੈਕਟਰੀ ਸੁਮਨ ਕੁਮਾਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਰਿਪੋਰਟ ਮੰਗੀ ਹੈ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਉਸ ਨੇ ਇਸ ਮਾਮਲੇ ’ਤੇ ਹੁਣ ਤਕ ਕੀ ਕਾਰਵਾਈ ਕੀਤੀ ਹੈ। ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਘੱਟ ਗਿਣਤੀ ਕਮਿਸ਼ਨ ਵੱਲੋਂ ਰਿਪੋਰਟ ਮੰਗੇ ਜਾਣ ਦਾ ਸਵਾਗਤ ਕੀਤਾ ਹੈ। ਸਭਾ ਦੇ ਪ੍ਰਧਾਨ ਪ੍ਰੋ. ਸ਼ਾਮ ਸਿੰਘ ਨੇ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਪੰਜਾਬ ਸਰਕਾਰ ਨੂੰ ਅਗਲੀ ਕਾਰਵਾਈ ਕਰਨ ਸਬੰਧੀ ਹਦਾਇਤ ਦੇਵੇ। ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਕਮਿਸ਼ਨ ਦੇ ਮੁਖੀ ਇਕਬਾਲ ਸਿੰਘ ਲਾਲਪੁਰਾ ਨੂੰ ਲਿਖੇ ਪੱਤਰ ਵਿੱਚ ਕਿਹਾ ਸੀ ਕਿ ਜਥੇਦਾਰ ਦਾ ਕਤਲ ਮਨੁੱਖੀ ਹੱਕਾਂ ਦੀ ਘੋਰ ਉਲੰਘਣਾ ਹੈ। ਇਸ ਕਰ ਕੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਮੁਲਜ਼ਮਾਂ ਵਿਰੁੱਧ ਤੁਰੰਤ ਕਾਰਵਾਈ ਕਰਵਾਉਣੀ ਚਾਹੀਦੀ ਹੈ।