ਤਲਵੰਡੀ ਸਾਬੋ-ਬਸਪਾ ਸੁਪਰੀਮੋ ਭੈਣ ਮਾਇਆਵਤੀ ਦੇ 68ਵੇਂ ਜਨਮ ਦਿਨ ਨੂੰ ਜਨ ਕਲਿਆਣ ਦਿਵਸ ਵਜੋਂ ਮਨਾਉਂਦਿਆਂ ਮਾਘੀ ਮੇਲੇ ਮੌਕੇ ਸਿਆਸੀ ਕਾਨਫਰੰਸ ਕੀਤੀ ਜਿਸ ਵਿੱਚ ਆਗੂਆਂ ਨੇ ਲੋਕ ਸਭਾ ਚੋਣਾਂ ਦਾ ਰਸਮੀ ਬਿਗਲ ਵਜਾਉਂਦਿਆਂ ਬਹੁਜਨ ਸਮਾਜ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਜਾਣਕਾਰੀ ਮੁਤਾਬਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਮੌਜੂਦਾ ਪੰਜਾਬ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਦਲਿਤ ਸਮਾਜ ਨੂੰ ਕਈ ਗਾਰੰਟੀਆਂ ਦੇ ਕੇ ਉਨ੍ਹਾਂ ਦੀਆਂ ਵੋਟਾਂ ਨਾਲ ਸੱਤਾ ’ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਉਪਰੰਤ ਦਲਿਤਾਂ ਅਤੇ ਪਛੜੇ ਵਰਗ ਦੀ ਸਾਰ ਤੱਕ ਨਹੀਂ ਲਈ। ਉਨ੍ਹਾਂ ਕਿਹਾ ਕਿ ਇਕੱਲੀ ਮਾਈਨਿੰਗ ਅਤੇ ਐਕਸਾਈਜ਼ ਦੀ ਕਮਾਈ ਨਾਲ ਸੂਬੇ ਨੂੰ ਚਲਾਉਣ ਦਾ ਦਾਅਵਾ ਕਰਨ ਵਾਲੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਹੁਣ ਦੱਸਣ ਕਿ ਉਹ ਕਮਾਈ ਹੁਣ ਕਿੱਧਰ ਚਲੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੂੰ ਵਾਰ ਵਾਰ ਕਰਜ਼ਾ ਚੁੱਕ ਕੇ ਸੂਬਾ ਚਲਾਉਣਾ ਪੈ ਰਿਹਾ ਹੈ। ਚੋਣਾਂ ਤੋਂ ਪਹਿਲਾਂ ‘ਆਪ’ ਵੱਲੋਂ ਲੋਕਾਂ ਨਾਲ ਕੀਤਾ ਗਿਆ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਚਾਹੇ ਉਹ ਚਿੱਟਾ ਨਸ਼ਾ ਬੰਦ ਕਰਨ ਦਾ ਹੋਵੇ ਜਾਂ ਕੋਈ ਹੋਰ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ’ਚ ਗੱਠਜੋੜ ਹੋਣ ਜਾ ਰਿਹਾ ਹੈ ਤਾਂ ਜ਼ਾਹਿਰ ਹੈ ਕਿ ਇਨ੍ਹਾਂ ਪਾਰਟੀਆਂ ਦਾ ਮੁੱਖ ਮੰਤਵ ਸਿਰਫ ਕੁਰਸੀ ਹਾਸਲ ਕਰਨਾ ਹੈ। ਜਸਵੀਰ ਸਿੰਘ ਗੜ੍ਹੀ ਨੇ ਇਸ ਮੌਕੇ ਬਹੁਜਨ ਸਮਾਜ ਦੇ ਸਮੁੱਚੇ ਲੋਕਾਂ ਨੂੰ ਇੱਕ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ। ਕਾਨਫਰੰਸ ਨੂੰ ਸੂਬਾ ਆਗੂ ਕੁਲਦੀਪ ਸਿੰਘ ਸਰਦੂਲਗੜ੍ਹ, ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਨਿੱਕਾ, ਮੀਨਾ ਰਾਣੀ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।