Punjab

ਬਸਪਾ ਸੁਪਰੀਮੋ ਵੱਲੋਂ ਸੰਸਦੀ ਚੋਣਾਂ ਇਕੱਲਿਆਂ ਲੜਨ ਦੇ ਐਲਾਨ ਨੇ ਗੱਠਜੋੜ ’ਤੇ ਲਗਾਇਆ ਸਵਾਲੀਆ ਚਿੰਨ੍ਹ

  • Punjabi Bulletin
  • Jan 16, 2024
ਬਸਪਾ ਸੁਪਰੀਮੋ ਵੱਲੋਂ ਸੰਸਦੀ ਚੋਣਾਂ ਇਕੱਲਿਆਂ ਲੜਨ ਦੇ ਐਲਾਨ ਨੇ ਗੱਠਜੋੜ ’ਤੇ ਲਗਾਇਆ ਸਵਾਲੀਆ ਚਿੰਨ੍ਹ
  • 135 views

ਚੰਡੀਗੜ੍ਹ-ਸੰਸਦੀ ਚੋਣਾਂ ਦੌਰਾਨ ਦੇਸ਼ ਵਿੱਚ ਕਿਸੇ ਵੀ ਪਾਰਟੀ ਨਾਲ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਕੁਮਾਰੀ ਮਾਇਆਵਤੀ ਵੱਲੋਂ ਗੱਠਜੋੜ ਨਾ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਵਿਚਲੇ ਅਕਾਲੀ-ਬਸਪਾ ਗੱਠਜੋੜ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਜਾਣਕਾਰੀ ਮੁਤਾਬਕ ਮਾਇਆਵਤੀ ਦੇ ਐਲਾਨ ਤੋਂ ਬਾਅਦ ਬਸਪਾ ਦੀ ਸੂਬਾਈ ਲੀਡਰਸ਼ਿਪ ਕੋਈ ਵੀ ਟਿੱਪਣੀ ਨਹੀਂ ਕਰ ਰਹੀ ਜਦੋਂ ਕਿ ਅਕਾਲੀਆਂ ਦਾ ਕਹਿਣਾ ਹੈ ਕਿ ਅਕਾਲੀ-ਬਸਪਾ ਗੱਠਜੋੜ ਕਾਇਮ ਰਹੇਗਾ। ਇਸ ਦੇ ਨਾਲ ਹੀ ਅਹਿਮ ਤੱਥ ਇਹ ਵੀ ਹੈ ਕਿ ਅਕਾਲੀ ਦਲ ਵੱਲੋਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੇ ਕੌਮੀ ਜਮਹੂਰੀ ਗੱਠਜੋੜ ਦਾ ਹਿੱਸਾ ਬਣਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਕੁਮਾਰੀ ਮਾਇਆਵਤੀ ਦਾ ਕਹਿਣਾ ਹੈ ਕਿ ਬਹੁਜਨ ਸਮਾਜ ਪਾਰਟੀ ਆਗਾਮੀ ਸੰਸਦੀ ਚੋਣਾਂ ਦੌਰਾਨ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਜਾਂ ਕਾਂਗਰਸ ਦੀ ਅਗਵਾਈ ਵਾਲੇ ਇੰਡੀਆ ਗੱਠਜੋੜ ਨਾਲ ਸਾਂਝ ਪਾਉਣ ਦੀ ਥਾਂ ਇਕੱਲਿਆਂ ਹੀ ਚੋਣਾਂ ਲੜੇਗੀ। ਇਸ ਸਬੰਧੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਬਸਪਾ ਪ੍ਰਧਾਨ ਦੇ ਇਸ ਐਲਾਨ ਨਾਲ ਅਕਾਲੀ-ਬਸਪਾ ਗੱਠਜੋੜ ’ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਾਂਗਰਸ ਜਾਂ ਭਾਜਪਾ ਦੀ ਅਗਵਾਈ ਵਾਲੇ ਕਿਸੇ ਵੀ ਗੱਠਜੋੜ ਦਾ ਹਿੱਸਾ ਨਹੀਂ ਹੈ। ਇਸ ਲਈ ਪੰਜਾਬ ਵਿੱਚ ਦੋਹਾਂ ਪਾਰਟੀਆਂ ਵੱਲੋਂ ਸਾਂਝੇ ਤੌਰ ’ਤੇ ਉਮੀਦਵਾਰ ਖੜ੍ਹੇ ਕੀਤੇ ਜਾਣਗੇ। ਇਸ ਦੇ ਨਾਲ ਹੀ ਮਹੱਤਵਪੂਰਨ ਤੱਥ ਇਹ ਵੀ ਹੈ ਕਿ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸਮੇਤ ਹੋਰਨਾਂ ਆਗੂਆਂ ਵੱਲੋਂ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਾਏ ਜਾ ਰਹੇ ਹਨ। ਅਕਾਲੀਆਂ ਵੱਲੋਂ ਗੱਠਜੋੜ ਬਚਾਉਣ ਲਈ ਬਸਪਾ ਲੀਡਰਸ਼ਿਪ ਨਾਲ ਤਾਲਮੇਲ ਵੀ ਕੀਤਾ ਜਾ ਰਿਹਾ ਹੈ।  ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਮੁੜ ਤੋਂ ਸੁਰਜੀਤ ਹੋਣ ਦੀਆਂ ਅਫ਼ਵਾਹਾਂ ਦਾ ਦੌਰ ਚੱਲ ਰਿਹਾ ਹੈ। ਇਸ ਮਾਹੌਲ ਵਿੱਚ ਬਹੁਜਨ ਸਮਾਜ ਪਾਰਟੀ ਦੇ ਆਗੂ ਨਜ਼ਰਅੰਦਾਜ਼ ਮਹਿਸੂਸ ਕਰਨ ਲੱਗੇ ਹਨ। ਸੰਸਦੀ ਚੋਣਾਂ ਸਿਰ ’ਤੇ ਹਨ ਪਰ ਅਕਾਲੀ ਦਲ ਨੇ ਹੁਣ ਤੱਕ ਬਸਪਾ ਨਾਲ ਸੀਟਾਂ ਦੀ ਵੰਡ ਵੀ ਨਹੀਂ ਕੀਤੀ।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024