ਜਲੰਧਰ-ਪੰਜਾਬ ਵਿੱਚ ਹੁਣ ਸਨਅਤਕਾਰਾਂ ਨੂੰ ਪ੍ਰੇਸ਼ਾਨ ਕਰਨ ਦਾ ਦੌਰ ਖ਼ਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਸਨਅਤੀ ਖੇਤਰ ਦੇ ਸਹਿਯੋਗੀ ਵਜੋਂ ਕੰਮ ਕਰੇਗੀ। ਇਹ ਬਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ। ਜਾਣਕਾਰੀ ਮੁਤਾਬਕਉੱਘੇ ਕਾਰੋਬਾਰੀਆਂ ਨਾਲ ਵਿਚਾਰ-ਵਟਾਂਦਰਾ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਾਂਗ ਹੁਣ ਕੋਈ ਵੀ ਸਨਅਤਕਾਰਾਂ ਨੂੰ ਤੰਗ-ਪ੍ਰੇਸ਼ਾਨ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਸਨਅਤ ਦੀ ਤਰੱਕੀ ਤੇ ਵਿਕਾਸ ਲਈ ਹਰੇਕ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਨਅਤਾਂ ਦੀ ਸਹੂਲਤ ਲਈ ਪਹਿਲਾਂ ਹੀ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕਰ ਕੇ ਆਪਣੇ ਵੱਲੋਂ ਸਹਿਯੋਗ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਨਅਤੀ ਖੇਤਰ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਸਿੰਗਲ ਵਿੰਡੋ ਪ੍ਰਣਾਲੀ ਨੂੰ ਪੂਰੇ ਉਤਸ਼ਾਹ ਨਾਲ ਲਾਗੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੌਜੂਦਾ ਸਨਅਤੀ ਇਕਾਈਆਂ ਦੀ ਸੁਰੱਖਿਆ, ਤਰੱਕੀ ਤੇ ਵਿਸਤਾਰ ਲਈ ਸਾਰਥਿਕ ਕੋਸ਼ਿਸ਼ਾਂ ਕਰੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਨਅਤਕਾਰਾਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰੇਕ ਕੋਸ਼ਿਸ਼ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਸੂਬੇ ਦੇ ਵਿਕਾਸ ਵਿੱਚ ਵੀ ਵੱਡਾ ਯੋਗਦਾਨ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਤੇਜ਼ ਗਤੀ ਦੇਣ ਲਈ ਹਰੇਕ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬੇ ਭਰ ਵਿੱਚ 20 ਸਮਰਪਿਤ ਪੇਂਡੂ ਸਨਅਤੀ ਹੱਬ ਸਥਾਪਤ ਕੀਤੇ ਜਾਣਗੇ।