Punjab

ਪੰਜਾਬ ਵਿਧਾਨ ਸਭਾ ਵੱਲੋਂ ਪਣ ਬਿਜਲੀ ਪ੍ਰਾਜੈਕਟਾਂ ’ਤੇ ਵਾਟਰ ਸੈੱਸ ਲਾਉਣ ਦੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਫੈਸਲੇ ਦੀ ਨਿਖੇਧੀ

  • Punjabi Bulletin
  • Mar 22, 2023
ਪੰਜਾਬ ਵਿਧਾਨ ਸਭਾ ਵੱਲੋਂ ਪਣ ਬਿਜਲੀ ਪ੍ਰਾਜੈਕਟਾਂ ’ਤੇ ਵਾਟਰ ਸੈੱਸ ਲਾਉਣ ਦੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਫੈਸਲੇ ਦੀ ਨਿਖੇਧੀ
  • 104 views

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਣ ਬਿਜਲੀ ਪ੍ਰਾਜੈਕਟਾਂ ਉਤੇ ਵਾਟਰ ਸੈੱਸ ਲਾਉਣ ਦੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ। ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਸਰਕਾਰ ਦੇ ਇਸ ਕਦਮ ਦੀ ਨਿਖੇਧੀ ਕਰਨ ਲਈ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੇਸ਼ ਮਤੇ ਦੀ ਪ੍ਰੋੜ੍ਹਤਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਹਿੱਤਾਂ ਅਤੇ ਇਸ ਦੇ ਲੋਕਾਂ ਨਾਲ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪੰਜਾਬ ਅੱਜ ਪੀਣ ਵਾਲੇ ਪਾਣੀ ਦੀ ਗੰਭੀਰ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਪਾਣੀਆਂ ਉਤੇ ਹਿਮਾਚਲ ਪ੍ਰਦੇਸ਼ ਸਰਕਾਰ ਦਾ ਇਹ ਕੋਝਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਇਹ ਕਦਮ ਦੇਸ਼ ਨੂੰ ਵੰਡਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ‘ਭਾਰਤ ਜੋੜੋ’ ਨਹੀਂ, ਸਗੋਂ ‘ਭਾਰਤ ਤੋੜੋ’ ਮੁਹਿੰਮ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦਰਪੇਸ਼ ਸਾਰੇ ਮਸਲਿਆਂ ਦੇ ਹੱਲ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।  ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਲਾਹ ਦਿੱਤੀ ਕਿ ਉਹ ਸੂਬਿਆਂ ਦੀਆਂ ਤਾਕਤਾਂ ਘਟਾਉਣ ਵਾਲੇ ਅਜਿਹੇ ਕਦਮ ਚੁੱਕਣ ਤੋਂ ਸੰਕੋਚ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਸੂਬਿਆਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਅਜਿਹੇ ਮਸਲੇ ਚੁੱਕਣ ਨਾਲ ਕੇਂਦਰ ਸਰਕਾਰ ਨੂੰ ਸੂਬੇ ਨਾਲ ਸਬੰਧਤ ਮਸਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਦਾ ਮੌਕਾ ਮਿਲਿਆ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜੇ ਕਾਂਗਰਸ ਸਰਕਾਰ ਆਪਣੇ ਮਨਸੂਬੇ ਨੂੰ ਅੱਗੇ ਵਧਾਉਂਦੀ ਹੈ ਤਾਂ ਉਹ ਕਿਹੜੇ ਮੂੰਹ ਨਾਲ ਦੇਸ਼ ਵਿੱਚ ਸੰਘੀ ਢਾਂਚੇ ਬਾਰੇ ਦਾਅਵੇ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤਾ ਵੱਡਾ ਦੁਖਾਂਤ ਹੈ ਕਿ ਸੂਬੇ ਦੇ ਬਿਲਕੁੱਲ ਵਿਚਕਾਰ ਪੈਂਦਾ ਜ਼ਿਲ੍ਹਾ ਵੀ ਹੁਣ ਨਹਿਰੀ ਪਾਣੀ ਦੇ ਟੇਲਾਂ ਉਤੇ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ, ਦੂਜੇ ਪਾਸੇ ਸੂਬੇ ਨਾਲ ਖਿਲਵਾੜ ਕਰਨ ਵਾਲੀਆਂ ਤਾਕਤਾਂ ਅਜਿਹੇ ਕਦਮ ਚੁੱਕ ਰਹੀਆਂ ਹਨ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਕੀਮਤ ਉਤੇ ਸੂਬੇ ਦੇ ਹਿੱਤਾਂ ਦੀ ਰਾਖੀ ਕਰੇਗੀ।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024